ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਜ਼ਿਲ੍ਹਾ ਰੂਪਨਗਰ ਵਿਚ ਪੈਂਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਡਰੱਗ ਹਾਟ-ਸਪਾਟ ਥਾਵਾਂ 'ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' ਚਲਾਇਆ ਗਿਆ | ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 03 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿਚ 03 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨਾਂ ਪਾਸੋ 34.24 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਇਸ ਤੋਂ ਇਲਾਵਾ 75 ਸ਼ੱਕੀ ਵਾਹਨਾਂ ਨੂੰ ਚੈੱਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਵਿਚ 02 ਐਸ.ਪੀਜ. 07 ਡੀ.ਐਸ.ਪੀ. 10 ਇੰਸਪੈਕਟਰ ਅਤੇ 120 ਦੇ ਕਰੀਬ ਪੁਲਿਸ ਮੁਲਾਜ਼ਮ ਲਗਾਏ ਗਏ ਸਨ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਤੇ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ | ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ |