ਰੂਪਨਗਰ, 14 ਜੁਲਾਈ (ਯਸ਼ਵੰਤ ਬੱਸੀ)- ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਰੂਪਨਗਰ ਅਧੀਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਅਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਮਿਸ਼ਨ ਮੈਂਬਰਾਂ ਨਾਲ ਪਿੰਡਾਂ ਵਿਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਘਰੇਲੂ ਅਤੇ ਜਨਤਕ ਪਖਾਨੇ, ਬਲਾਕ ਪੱਧਰੀ ਪਲਾਸਟਿਕ ਕੂੜਾ ਪ੍ਰਬੰਧਨ ਯੂਨਿਟ, ਗੋਬਰਧਨ ਆਦਿ ਮੱਦਾਂ ਅਧੀਨ ਉਸਾਰੀਆਂ ਜਾ ਰਹੀਆਂ ਅਤੇ ਨਵੀਆਂ ਉਸਾਰੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਵਿਸਤਰਤ ਰੂਪ ਵਿਚ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਨੇ ਕਿਹਾ ਕਿ ਪਿੰਡਾਂ ਵਿਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਰਾਹੀਂ ਹਰੇਕ ਪਿੰਡ ਨੂੰ ਓ.ਡੀ.ਐੱਫ. ਪਲੱਸ ਮਾਡਲ ਪਿੰਡ ਬਣਾਉਣ ਵਿਚ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਦੇ ਨਾਲ-ਨਾਲ ਆਮ ਲੋਕਾਂ ਦੀ ਬਹੁਤ ਹੀ ਅਹਿਮ ਭੂਮਿਕਾ ਹੈ | ਇਸ ਦੇ ਨਾਲ-ਨਾਲ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਸਵੱਛ ਸਰਵੇਖਣ ਗ੍ਰਾਮੀਣ-2025 ਵਿੱਚ ਵਿਭਾਗਾਂ ਦੇ ਨਾਲ-ਨਾਲ ਪਿੰਡ ਵਾਸੀਆਂ ਦੀ ਭਾਗੀਦਾਰੀ ਸੁਨਿਸ਼ਚਿਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਵਲੋਂ ਨਾਗਰਿਕ ਫੀਡਬੈਕ ਐਪ ਦੀ ਵਰਤੋਂ ਕਰਕੇ ਸਾਫ਼-ਸਫ਼ਾਈ ਸਬੰਧੀ ਆਪਣੀ ਫੀਡਬੈਕ ਦਰਜ ਕੀਤੀ ਜਾਵੇ | ਮੀਟਿੰਗ ਵਿਚ ਮੁੱਖ ਮੰਤਰੀ ਫੀਲਡ ਅਫਸਰ ਅਭਿਮੰਨਿਊ ਮਲਿਕ (ਅੰਡਰ ਟਰੇਨਿੰਗ ਆਈ.ਏ.ਐਸ.) ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਰੂਪਨਗਰ ਹਰਜੀਤਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਵਤਾਰ ਸਿੰਘ, ਬੀ.ਡੀ.ਪੀ.ਓ. ਰੂਪਨਗਰ ਰਵਿੰਦਰ ਸਿੰਘ, ਬੀ.ਡੀ.ਪੀ.ਓ. ਮੋਰਿੰਡਾ ਹਰਕੀਤ ਸਿੰਘ, ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀ.ਡੀ.ਪੀ.ਓ. ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀ. ਡੀ. ਪੀ. ਓ. ਨੂਰਪੁਰ ਬੇਦੀ ਰਾਜਵਿੰਦਰ ਸਿੰਘ, ਐਸ. ਡੀ. ਓ. ਮੁਕੇਸ਼ ਕੁਮਾਰ ਤੇ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਨੁਮਾਇੰਦੇ ਚੌਧਰੀ ਹੁਸਨ ਲਾਲ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ |