ਐੱਸ. ਏ. ਐੱਸ. ਨਗਰ, 14 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਏ ਜਾਣ ਨੂੰ ਅਤਿ ਮੰਦਭਾਗਾ ਕਰਾਰ ਦਿੰਦਿਆਂ ਜਨਰਲ ਕੈਟਾਗਰੀ ਵੈੱਲਫ਼ੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰ ਸਿੰਘ, ਜਰਨੈਲ ਸਿੰਘ ਬਰਾੜ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿੱਧੂ, ਦਿਲਬਾਗ ਸਿੰਘ, ਕਪਿਲ ਦੇਵ ਪ੍ਰਾਸ਼ਰ ਅਤੇ ਸੁਦੇਸ਼ ਕਮਲ ਸ਼ਰਮਾ ਨੇ ਕਿਹਾ ਕਿ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾ ਰਹੀ, ਜਦਕਿ ਬਾਕੀ ਵਰਗਾਂ ਦੇ ਕਮਿਸ਼ਨਾਂ ਦੇ ਚੇਅਰਮੈਨ ਲਗਾਏ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ, ਪਰ ਸਾਰੀਆਂ ਹੀ ਰਾਜਸੀ ਪਾਰਟੀਆਂ ਨਾਲ ਸੰਬੰਧਤ ਜਨਰਲ ਵਰਗ ਦੇ ਹਲਕਿਆਂ ਤੋਂ ਚੋਣ ਜਿੱਤ ਕੇ ਆਏ ਵਿਧਾਇਕ ਵੀ ਇਸ ਮਸਲੇ ਪ੍ਰਤੀ ਚੁੱਪੀ ਧਾਰੀ ਬੈਠੇ ਹਨ ਅਤੇ ਉਨ੍ਹਾਂ ਨੇ ਕਦੇ ਵੀ ਇਹ ਮੰਗ ਨਹੀਂ ਕੀਤੀ ਕਿ ਇਸ ਕਮਿਸ਼ਨ ਨੂੰ ਤੁਰੰਤ ਚਾਲੂ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 117 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਇਹ ਜਵਾਬ ਦੇਣਾ ਪਵੇਗਾ ਕਿ ਉਨ੍ਹਾਂ ਨੇ ਇਸ ਕਮਿਸ਼ਨ ਨੂੰ ਚਾਲੂ ਕਰਵਾਉਣ ਲਈ ਕਿਹੜੇ ਯਤਨ ਕੀਤੇ ਸਨ | ਆਗੂਆਂ ਨੇ ਜਨਰਲ ਵਰਗ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ 'ਤੇ ਦਬਾਓ ਬਣਾ ਕੇ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਲਗਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਕਿ ਜਨਰਲ ਵਰਗ ਦੇ ਗਰੀਬ ਲੋਕਾਂ ਨੂੰ ਵੀ ਭਲਾਈ ਸਕੀਆਂ ਦਾ ਲਾਭ ਮਿਲ ਸਕੇ |