ਰੂਪਨਗਰ, 16 ਜੁਲਾਈ (ਯਸ਼ਵੰਤ ਬੱਸੀ)-'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ ਤਹਿਤ ਬਿਮਾਰੀਆਂ ਤੋਂ ਬਚਾਅ ਲਈ ਅਤੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਰੂਪਨਗਰ ਵਲੋਂ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਨਿਰੰਤਰ ਤੌਰ 'ਤੇ ਜਾਰੀ ਹੈ | ਇਸ ਲੜੀ ਦੇ ਤਹਿਤ ਨਗਰ ਕੌਂਸਲ ਰੂਪਨਗਰ ਵਲੋਂ ਸਦਾਬਰਤ (ਸਲੱਮ ਏਰੀਆ) ਵਿਖੇ ਨਾਲਿਆਂ ਦੀ ਸਫ਼ਾਈ ਦਾ ਕੰਮ ਕਰਵਾਇਆ ਗਿਆ | ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨਗਰ ਕੌਂਸਲ ਰੂਪਨਗਰ ਵਲੋਂ 'ਸਫ਼ਾਈ ਅਪਣਾਓ ਬਿਮਾਰੀ ਭਜਾਓ' ਮੁਹਿੰਮ ਰੂਪਨਗਰ ਵਿਖੇ 1 ਜੁਲਾਈ ਤੋਂ 31 ਜੁਲਾਈ ਤੱਕ ਚਲਾਈ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਇਸ ਮੁਹਿੰਮ ਦੌਰਾਨ ਸਕੂਲਾਂ, ਕਾਲਜਾਂ, ਐਨ.ਸੀ.ਸੀ., ਐਨ.ਐਸ.ਐਸ. ਵਲੰਟੀਅਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ 31 ਜੁਲਾਈ ਤੱਕ ਚੱਲਣ ਵਾਲੀ ਇਸ ਮੁਹਿੰਮ ਵਿਚ ਨਗਰ ਕੌਂਸਲ ਦਾ ਸਹਿਯੋਗ ਦੇਣ ਤਾਂ ਜੋ ਸ਼ਹਿਰ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ | ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸਫ਼ਾਈ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ | ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਲੋਕ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਸਿੰਗਲ ਯੂਸ ਪਲਾਸਟਿਕ ਵਰਤਣ ਤੋਂ ਪਰਹੇਜ਼ ਕਰਨ, ਕੂੜੇ ਨੂੰ ਸੜਕਾਂ, ਗਲੀਆਂ ਜਾਂ ਖੁੱਲੇ ਥਾਵਾਂ 'ਤੇ ਨਾ ਸੁੱਟਿਆ ਜਾਵੇ, ਕਿਉਂਕਿ ਇਹ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ |