ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਮਸਲਿਆਂ ਨੂੰ ਲੈ ਕੇ ਵਿਚਾਰ-ਵਿਟਾਂਦਰਾ ਕੀਤਾ ਅਤੇ ਨਾਲ ਹੀ ਐਲਾਨ ਕੀਤਾ ਕਿ ਜ਼ਿਲ੍ਹਾ ਰੂਪਨਗਰ ਵਿਚ ਗੁਰਮਤਿ ਪ੍ਰਚਾਰ ਦੀ ਲਹਿਰ ਨੂੰ ਮਜਬੂਤ ਕਰਨ ਲਈ ਪਿੰਡ ਪੱਧਰ 'ਤੇ ਗੁਰਮਤਿ ਸਮਾਗਮ ਕਰਵਾ ਕੇ ਨੌਜਵਾਨਾਂ ਨੂੰ ਸਿੱਖ ਪੰਥ ਨਾਲ ਜੋੜਿਆ ਜਾਵੇਗਾ | ਬਾਲਾ ਵਲੋਂ ਬਾਅਦ ਵਿਚ ਗੱਲਬਾਤ ਦੌਰਾਨ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸੀ | ਇਸ ਤੋਂ ਬਿਨਾਂ ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਅਤੇ ਇਲਾਕੇ ਅੰਦਰ ਸੁੱਖ-ਸਾਂਤੀ ਲਈ ਅਰਦਾਸ ਵੀ ਕੀਤੀ ਹੈ | ਬਾਲਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਾਰਟੀ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ ਅਤੇ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਦੇ ਕੰਮਾਂ ਨੂੰ ਯਾਦ ਕਰ ਰਹੇ ਹਨ | ਇਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਗੜਗੱਜ ਵਲੋਂ ਨਵੇਂ ਬਣੇ ਜਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦਾ ਵਿਸ਼ੇਸ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਬਾਦਲ ਸਿੰਘ ਬਸੀ, ਸਤਨਾਮ ਸਿੰਘ ਝੱਜ, ਕੁਲਵੀਰ ਸਿੰਘ ਅਸਮਾਨਪੁਰ, ਤੇਜਿੰਦਰ ਸਿੰਘ ਹੀਰਪੁਰ ਆਦਿ ਹਾਜ਼ਰ ਸਨ |