ਰੂਪਨਗਰ, 18 ਜੁਲਾਈ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਡਾ. ਐਲ. ਮੁਰੁਗਨ ਨਾਲ ਮੁਲਾਕਾਤ ਕਰਕੇ ਪੰਜਾਬ ਵਿਚ ਮੀਡੀਆ ਦੀ ਆਜ਼ਾਦੀ, ਨਿਰਪੱਖ ਰਿਪੋਰਟਿੰਗ, ਖੇਤਰੀ ਪੱਤਰਕਾਰਾਂ ਦੀ ਸੁਰੱਖਿਆ ਅਤੇ ਡਿਜੀਟਲ ਮੀਡੀਆ ਦੇ ਭਵਿੱਖ ਸੰਬੰਧੀ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ | ਲਾਲਪੁਰਾ ਨੇ ਕੇਂਦਰੀ ਰਾਜ ਮੰਤਰੀ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਬਿਆਨ ਕਰਦਿਆਂ ਅਪੀਲ ਕੀਤੀ ਕਿ ਪੰਜਾਬ 'ਚ ਪੱਤਰਕਾਰਾਂ ਦੀ ਸੁਰੱਖਿਆ ਲਈ ਠੋਸ ਨੀਤੀ ਬਣਾਈ ਜਾਵੇ | ਡਾ. ਮੁਰੁਗਨ ਨੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਇਹ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੱਤਰਕਾਰਾਂ ਦੇ ਅਧਿਕਾਰਾਂ, ਮੀਡੀਆ ਦੀ ਆਜ਼ਾਦੀ ਅਤੇ ਡਿਜੀਟਲ ਮੀਡੀਆ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਿ ਮੀਡੀਆ ਲੋਕਤੰਤਰ ਦਾ ਚੌਥਾ ਸਤੰਭ ਹੈ ਅਤੇ ਇਸ ਦੀ ਰਾਖੀ ਕਰਨਾ ਸਰਕਾਰ ਦਾ ਨੈਤਿਕ ਅਤੇ ਸੰਵਿਧਾਨਕ ਫਰਜ ਹੈ | ਇਸ ਵਿਸ਼ੇਸ਼ ਮੁਲਾਕਾਤ ਤੋਂ ਬਾਅਦ ਅਜੈਵੀਰ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦਾ ਭਾਰਤ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਵਾਲਾ ਨਹੀਂ, ਸਗੋਂ ਉਨ੍ਹਾਂ ਨੂੰ ਸ਼ਕਤੀ ਦੇਣ ਵਾਲਾ ਭਾਰਤ ਹੈ | ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਮੀਡੀਆ ਨੂੰ ਪਹਿਲਾਂ ਨਾਲੋਂ ਵਧੇਰੇ ਆਜ਼ਾਦੀ ਅਤੇ ਮਾਣ ਮਿਲਿਆ ਹੈ | ਲਾਲਪੁਰਾ ਨੇ ਇਹ ਆਸ ਵੀ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ, ਭਲਾਈ ਅਤੇ ਮੀਡੀਆ ਖੇਤਰ ਨੂੰ ਮਜ਼ਬੂਤ ਕਰਨ ਵੱਲ ਹੋਰ ਵੀ ਪ੍ਰਭਾਵਸ਼ਾਲੀ ਕਦਮ ਚੁੱਕੇਗੀ |