ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾਂ ਦੇ ਸੰਬੰਧ ਵਿਚ 21 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਵਲੋਂ ਲਿਆ ਗਿਆ | ਉਨ੍ਹਾਂ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ | ਇਸ ਮੌਕੇ ਐਡ. ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇਸ਼-ਦੁਨੀਆਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰਨਗੀਆਂ | ਸ਼ਤਾਬਦੀ ਨੂੰ ਸਮਰਪਿਤ ਜਿਥੇ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ, ਉਥੇ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਵੀ ਪੁੱਜਣਗੇ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਣਗੇ | ਐਡ. ਧਾਮੀ ਨੇ ਕਿਹਾ ਕਿ ਇਨ੍ਹਾਂ ਸ਼ਤਾਬਦੀ ਸਮਾਗਮਾਂ 'ਚ ਦੇਸ਼ ਭਰ ਤੋਂ ਪੁੱਜ ਰਹੀ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਇਸ ਦਾ ਖ਼ਿਆਲ ਰੱਖਿਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਜੇ. ਈ. ਆਦਿ ਹਾਜ਼ਰ ਸਨ |