22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪਿੰਡ ਅਗੰਮਪੁਰ ਦੇ ਗੁਰਦੁਆਰਾ ਮਾਤਾ ਜੀਤੋ ਜੀ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਨਗਰ ਕੀਰਤਨ ਅੱਜ <br/>

ਅਜੀਤ ਡੈਸਕ 19-11-2025
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਜ਼ੇ ਐਸ ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਚ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ | ਇਸ ਸਬੰਧੀ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਗੀਰ ਸਿੰਘ ਅਤੇ ਨੰਬਰਦਾਰ ਦੀਪਕ ਰਾਣਾ ਨੇ ਦੱਸਿਆ ਕਿ 19 ਨਵੰਬਰ ਨੂੰ ਸਵੇਰੇ 11 ਵਜੇ ਨਗਰ ਕੀਰਤਨ ਦੀ ਸ਼ੁਰੂਆਤ ਮਾਤਾ ਜੀਤੋ ਜੀ, ਪਿੰਡ ਅਗੰਮਪੁਰ ਤੋਂ ਕੀਤੀ ਜਾਵੇਗੀ, ਜੋ ਗੁਰੂ-ਕਾ-ਮਹਲ ਗੁਰਦੁਆਰਾ ਭੋਰਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਸਾਹਿਬ ਵਿਖੇ ਸਮਾਪਤ ਹੋਵੇਗਾ | ਸੰਗਤ ਦੇ ਭਾਰੀ ਇਕੱਠ, ਨਗਾਰਿਆਂ ਦੀ ਚੋਟ ਅਤੇ ਪੰਥਕ ਰੂਹਾਨੀ ਰਵਾਇਤਾਂ ਨਾਲ ਇਹ ਨਗਰ ਕੀਰਤਨ ਖ਼ਾਸ ਖਿੱਚ ਦਾ ਕੇਂਦਰ ਬਣੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, 24 ਨਵੰਬਰ ਨੂੰ ਸ਼ਾਮ 7:30 ਤੋਂ 10:30 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ | ਜਿਸ ਵਿਚ ਪ੍ਰਸਿੱਧ ਰਾਗੀ ਜਥੇ ਅਤੇ ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਭਾਈ ਸੁਪਰੀਤ ਸਿੰਘ, ਭਾਈ ਗੁਰਦੇਵ ਸਿੰਘ ਵੇਰਕਾ ਆਦਿ ਸੰਗਤ ਨੂੰ ਸੰਬੋਧਨ ਕਰਨਗੇ | ਸਮਾਗਮ ਵਿਚ ਗੁਰਮਤਿ ਪ੍ਰਚਾਰਕ ਸਿੱਖ ਇਤਿਹਾਸ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਵਿਚਾਰ ਸਾਂਝੇ ਕਰਨਗੇ | ਉਨ੍ਹਾਂ ਦੱਸਿਆ ਕਿ ਸੰਗਤ ਦੀ ਸੁਵਿਧਾ ਲਈ 23 ਤੋਂ 29 ਨਵੰਬਰ ਤੱਕ ਗੁਰੂ ਕਾ ਲੰਗਰ ਅਤੇ ਮੁਫ਼ਤ ਡਾਕਟਰੀ ਕੈਂਪ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਲਗਾਇਆ ਜਾਵੇਗਾ | ਉਨ੍ਹਾਂ ਇਲਾਕੇ ਦੀ ਸੰਗਤ ਨੂੰ ਬੇਨਤੀ ਕੀਤੀ ਗਈ ਕਿ ਵੱਧ-ਚੜ੍ਹ ਕੇ ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈ ਕੇ ਗੁਰੂ ਕੀਆਂ ਖ਼ੁਸ਼ੀਆਂ ਪ੍ਰਾਪਤ ਕਰੋ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਸਾਰੀ ਅਧੀਨ ਚੱਕ ਨਾਨਕੀ ਟੈਂਟ ਸਿਟੀ ਦੇ ਨਿਰਮਾਣ ਕਾਰਜ ਨਿਰਧਾਰਤ ਸਮੇਂ ਤੋਂ ਲਟਕਣ ਦੇ ਬਣੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।