ਰੂਪਨਗਰ, 19 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਧੋਬੜੀ ਅਸਾਮ ਤੋਂ 22 ਨਵੰਬਰ ਨੂੰ ਰੋਪੜ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕੇ ਇਹ ਨਗਰ ਕੀਰਤਨ 22 ਨਵੰਬਰ ਨੂੰ ਸ਼ਾਮ 5 ਵਜੇ ਪੁਲਿਸ ਲਾਈਨ ਕੋਲੋਂ ਸ਼ਹਿਰ ਵਿਚ ਪ੍ਰਵੇਸ਼ ਕਰੇਗਾ ਉਪਰੰਤ ਸ਼ਾਮ 6 ਵਜੇ ਬੇਲਾ ਚੌਂਕ ਵਿਖੇ ਸ਼ਹਿਰ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਸਾਰੇ ਧਰਮਾ ਦੇ ਲੋਕ ਇਕੱਠੇ ਹੋ ਕੇ ਨਗਰ ਕੀਰਤਨ ਦਾ ਸਵਾਗਤ ਕਰਨਗੇ | ਉਹਨਾਂ ਕਿਹਾ ਕਿ ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਖਾਨ ਪੀਣ ਦੀਆਂ ਵਸਤਾਂ ਦੇ ਸਟਾਲ ਲਾਏ ਜਾਣਗੇ ਅਤੇ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ | ਅੱਜ ਇਸ ਮੌਕੇ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਚੌਧਰੀ ਵੈਦ ਪ੍ਰਕਾਸ਼, ਜਸਪਾਲ ਸਿੰਘ ਸੇਠੀ, ਕਰਨਵੀਰ ਸਿੰਘ ਗਿੰਨੀ ਜੌਲੀ, ਹਰਵਿੰਦਰ ਸਿੰਘ ਖੈਰਾਬਾਦ, ਆਸ਼ੂ ਢੱਲ ਅਤੇ ਗੁਰਬੀਰ ਸਿੰਘ ਉਬਰਾਏ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ |