ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਮਾਈਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੇਵਕ ਜਥਾ, ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਡੇਰਾ ਬਾਬਾ ਭਾਈ ਸਾਲ੍ਹੋ ਜੀ ਅਤੇ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਧਾਰਮਿਕ ਸਮਾਗਮ ਕਰਾਇਆ ਗਿਆ | ਜਿਸ ਵਿਚ ਸ਼ਾਮ ਵਕਤ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਮਨਮੀਤ ਸਿੰਘ ਮਜੀਠਾ ਦੇ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਅਤੇ ਗਿਆਨੀ ਕੇਵਲ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਅਧਾਰਿਤ ਜੀਵਨ, ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਦੀਆਂ ਪ੍ਰਮੁੱਖ ਘਟਨਾਵਾਂ 'ਤੇ ਰੌਸ਼ਨੀ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸਮਾਗਮ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |