19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਘੁੱਕੇਵਾਲੀ ਵਿਖੇ ਵਿਸ਼ੇਸ਼ ਸਮਾਗਮ

ਅਜੀਤ ਡੈਸਕ 07-11-2025
ਜਗਦੇਵ ਕਲਾਂ, 6 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਧਰਤੀ ਇਤਿਹਾਸਿਕ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਘੁੱਕੇਵਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਅਮਨਦੀਪ ਕੌਰ ਧਾਲੀਵਾਲ ਨੇ ਹਾਜ਼ਰੀ ਭਰੀ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਵੰਤ ਸਿੰਘ, ਭਾਈ ਜੋਬਨਪ੍ਰੀਤ ਸਿੰਘ ਘੁੁੱਕੇਵਾਲੀ ਨੇ ਇਲਾਹੀ ਗੁੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਇਲਾਵਾ ਭਾਈ ਸੁਖਮੀਤ ਸਿੰਘ ਦੇ ਢਾਡੀ ਜਥੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਸੰਬੰਧ ਵਿਚ ਵਾਰਾਂ ਦਾ ਗਾਇਨ ਕਰਕੇ ਸੰਗਤ ਨੂੰ ਗੁਰੂ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ ਗਏ | ਇਸ ਦੌਰਾਨ ਕਵੀ ਦਰਬਾਰ ਵਿਚ ਵੀ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਇਹ ਸਮਾਗਮ ਰਾਜ ਭਰ ਵਿਚ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 7 ਸਥਾਨਾਂ 'ਤੇ ਕੀਰਤਨ ਸਮਾਗਮ ਕਰਵਾਏ ਜਾਣਗੇ ਅਤੇ ਇਸ ਤੋਂ ਇਲਾਵਾ ਇਕ ਲਾਈਟ ਐਂਡ ਸਾਊਾਡ ਸ਼ੋਅ ਵੀ ਆਯੋਜਿਤ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨੂੰ ਹ ਅਮਨਦੀਪ ਕੌਰ ਧਾਲੀਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਉਣ ਲਈ ਸਮਾਗਮ ਉਲੀਕੇ ਗਏ ਹਨ | ਇਸੇ ਲੜੀ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿਚ ਪਹੁੰਚਣ 'ਤੇ ਨਗਰ ਕੀਰਤਨ ਨੂੰ ਸ਼ਾਨਦਾਰ 'ਗਾਰਡ ਆਫ਼ ਆਨਰ' ਦਿੱਤਾ ਜਾਵੇਗਾ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ | ਇਸ ਮੌਕੇ ਬਾਬਾ ਸਰਦਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲੇ, ਪੰਚਾਇਤ ਅਫਸਰ ਕੁਲਵਿੰਦਰ ਸਿੰਘ ਖਾਲਸਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ ਤਰਨ ਤਾਰਨ ਚੋਣ ਪ੍ਰਚਾਰ ਲਈ ਗਿਆ ਕਾਫਲਾ ਅਗਲੀ ਖ਼ਬਰ ਤਰਸਿੱਕਾ 'ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।