ਜੰਡਿਆਲਾ ਗੁਰੂ, 7 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਅਸੈਂਬਲੀ ਵਿਚ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੇ ਇਕੱਠੇ ਹੋ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ | ਬੱਚਿਆਂ ਨੇ ਕੀਰਤਨ ਰੂਪ ਵਿਚ ਸ੍ਰੀ ਚੌਪਈ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦ ਗਾਇਨ ਕੀਤੇ | ਉਪਰੰਤ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦਿਆਂ ਭਾਗ ਲਿਆ | ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਨਾ ਦਿੱਤੀ | ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਬੱਚਿਆਂ ਨੂੰ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦੇ ਉਪਦੇਸ਼ 'ਤੇ ਅਮਲ ਕਰਨ ਲਈ ਕਿਹਾ | ਇਸ ਮੌਕੇ ਪ੍ਰਸ਼ਨੋਤਰੀ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਸਹੀ ਉੱਤਰ ਦੇਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ | ਸਮਾਗਮ ਵਿਚ ਸਕੂਲ ਦੇ ਸਾਰੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |