ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਸ੍ਰੀ ਮੰਜੀ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਪੈਣਗੇ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਮਿਤੀ 8 ਤੇੇ 9 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਹੋਣਗੇ, ਜਦਕਿ 11 ਨਵੰਬਰ ਨੂੰ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ (ਆਸਾਮ) ਤੋਂ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ, ਰਾਤ ਨੂੰ ਇਥੇ ਵਿਸ਼ਰਾਮ ਕਰਨ ਉਪਰੰਤ ਇਹ ਨਗਰ ਕੀਰਤਨ 12 ਨਵੰਬਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ, ਜੈਕਾਰਿਆਂ ਦੀ ਗੂੰਜ ਵਿਚ ਗੁ: ਤਪ ਅਸਥਾਨ, ਸ੍ਰੀ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 8 ਤੇ 9 ਨਵੰਬਰ ਨੂੰ ਹੋਣਗੇ, ਜਿਸ ਵਿਚ ਸਕੂਲ-ਕਾਲਜ ਦੇ ਬੱਚਿਆਂ ਵਲੋਂ ਹਿੱਸਾ ਲਿਆ ਜਾਵੇਗਾ, 9 ਨਵੰਬਰ ਨੂੰ ਗੁਰਮਤਿ ਸਮਾਗਮ ਵਿਚ 20,000 ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਕਾਮਯਾਬ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਗੁਰੂ ਕੇ ਲੰਗਰਾਂ ਦੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਤੋਂ ਇਲਾਵਾ ਹੱੈਡ ਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਜੱਜ ਸਿੰਘ ਪ੍ਰਚਾਰਕ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਦਿਲਬਾਗ ਸਿੰਘ ਕਾਲੇਕੇ, ਕੰਵਲਜੀਤ ਸਿੰਘ ਗਗੜੇਵਾਲ (ਸਾਰੇ ਪ੍ਰਚਾਰਕ ਸਾਹਿਬਾਨ), ਪਰਮਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਹਰਮਿੰਦਰਬੀਰ ਸਿੰਘ ਸੁਪਰਵਾਈਜਰ ਅਤੇ ਪ੍ਰਗਟ ਸਿੰਘ ਤੇੜਾ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |