ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਜਦੋਂ ਕਿ ਸਮੁੱਚਾ ਸੰਸਾਰ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ 'ਚ ਸ਼ਮੂਲੀਅਤ ਕਰ ਰਿਹਾ ਹੈ ਤਾਂ ਇਕ ਸੋਚੀ ਸਮਝੀ ਸਾਜਿਸ਼ ਅਧੀਨ ਯੂ-ਟਿਊਬ ਚੈਨਲ ਤੋਂ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਬੰਦ ਕਰਨੀ ਮੰਦਭਾਗੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸਾਬਕਾ ਵਿਧਾਇਕ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿ ਇਹ ਵੱਡੀ ਲੋੜ ਸੀ ਕਿ ਜੋ ਲੋਕ ਗੁਰੂ ਘਰਾਂ ਵਿਚ ਆ-ਜਾ ਨਹੀਂ ਸਕਦੇ ਉਹ ਆਪਣੇ ਘਰਾਂ ਵਿਚ ਬੈਠਕੇ ਯੂ-ਟਿਊਬ ਤੋਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ 'ਤੇ ਚੱਲ ਰਹੇ ਗੁਰਮਤਿ ਸਾਮਾਗਮਾਂ ਦੇ ਦਰਸ਼ਨ ਦੀਦਾਰੇ ਕਰ ਰਹੇ ਸਨ ਅਤੇ ਇਹ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਵੱਡਾ ਸਾਧਨ ਸੀ, ਪਰ ਲੱਗਦਾ ਹੈ ਕਿ ਇਹ ਸਭ ਕੁਝ ਕਿਸੇ ਗਿਣੀ ਮਿੱਥੀ ਸਾਜਿਸ਼ ਤਹਿ, ਸ਼ਰਾਰਤੀ ਅਨਸਰਾਂ ਦੀ ਮਿਲੀ ਭੁਗਤ ਨਾਲ ਹੋ ਰਿਹਾ ਹੈ ਅਤੇ ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਅੱਜ ਹੀ ਯੂ-ਟਿਊਬ 'ਤੇ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਸ਼ੁਰੂ ਕਰਨੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਵੀ ਹਾਜ਼ਰ ਸਨ |