ਨਾਭਾ, 14 ਜੁਲਾਈ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਜਗਮੀਤ ਸਿੰਘ ਹਰਿਆਊ ਦਾ ਨਾਭਾ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਹਰਦੀਪ ਕੌਰ ਖੋਖ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਿਆਊ ਨੇ ਕਿਹਾ ਕਿ ਸੁਧਾਰ ਲਹਿਰ ਦੇ ਆਗੂ ਭਾਜਪਾ ਦੀ ਸ਼ਹਿ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਵੱਡੇ-ਵੱਡੇ ਅਹੁਦਿਆਂ 'ਤੇ ਰਹਿ ਕੇ ਮਲਾਈ ਛਕਣ ਵਾਲੇ ਹੁਣ ਸ਼੍ਰੋਮਣੀ ਅਕਾਲੀ ਦਲ 'ਤੇ ਕਬਜ਼ਾ ਕਰਕੇ ਪ੍ਰਧਾਨਗੀ ਦੇ ਖ਼ੁਆਬ ਦੇਖ ਰਹੇ ਹਨ ਜਿਸ ਵਿਚ ਉਹ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਪੰਜਾਬੀਅਤ ਲਈ ਕੰਮ ਕੀਤਾ ਹੈ | ਹਰਿਆਊ ਨੇ ਕਿਹਾ ਕਿ ਉਹ ਟਕਸਾਲੀ ਸੀਨੀਅਰ ਆਗੂਆਂ ਦਾ ਸਤਿਕਾਰ ਕਰਦੇ ਹਨ | ਉਨ੍ਹਾਂ ਦੀ ਯੋਗ ਅਗਵਾਈ ਅਤੇ ਰਹਿਨੁਮਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਟਕਸਾਲੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ 'ਚ ਮਿਹਨਤੀ ਤੇ ਟਕਸਾਲੀਆਂ ਤੋਂ ਇਲਾਵਾ ਨੌਜਵਾਨ ਆਗੂਆਂ ਤੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਊ ਵਲੋਂ ਬੂਟੇ ਲਾਉਣ ਦੀ ਮੁਹਿੰਮ ਦਾ ਵੀ ਅਗਾਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਜਥੇਦਾਰ ਬਲਤੇਜ ਸਿੰਘ ਖੋਖ, ਯੂਥ ਅਕਾਲੀ ਦਲ ਦੇ ਬੁਲਾਰੇ ਜੱਸਾ ਖੋਖ, ਦਰਸ਼ਨ ਸਿੰਘ, ਹਰਦੀਪ ਸਿੰਘ ਖਹਿਰਾ, ਗੁਰਸੇਵਕ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਪ੍ਰਕਾਸ਼ ਸਿੰਘ, ਖੁਸ਼ਪ੍ਰੀਤ ਸਿੰਘ ਰਾਏ, ਅਮਰਿੰਦਰ ਸਿੰਘ ਰੋਹਟੀ, ਕਰਨੈਲ ਸਿੰਘ ਨੂਰਪੁਰਾ ਆਦਿ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ |