ਨਾਭਾ, 17 ਜੁਲਾਈ (ਜਗਨਾਰ ਸਿੰਘ ਦੁਲੱਦੀ)-ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਵਿਕਾਸ ਦੇ ਨਾਲ ਨਾਲ ਹਰ ਪੱਖੋਂ ਬੁਲੰਦੀਆਂ ਨੂੰ ਛੂਹਿਆ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸਥਾਨਕ ਕਰਤਾਰ ਕਾਲੋਨੀ ਵਿਖੇ ਵੱਡੀ ਗਿਣਤੀ 'ਚ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਪੰਜਾਬ ਦੇ ਭਲੇ ਦੀ ਗੱਲ ਕੀਤੀ ਅਤੇ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਿਸ ਕਰਕੇ ਅੱਜ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਫਿਰ ਤੋਂ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨਾ ਬਹੁਤ ਜ਼ਰੂਰੀ ਹੈ ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਸੀ, ਕੀਤੀ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਕਰਦਾ ਰਹੇਗਾ | ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਜਿਨ੍ਹਾਂ 'ਚੋਂ ਇੱਕ ਵੀ ਵਾਅਦਾ ਸਰਕਾਰ ਬਣਨ ਉਪਰੰਤ 'ਆਪ' ਪਾਰਟੀ ਵਲੋਂ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਹੁਣੇ ਤੋਂ ਉਤਾਵਲੇ ਹਨ | ਇਸ ਮੌਕੇ ਪਿ੍ੰਸ ਤੁੰਗ, ਨੰਬਰਦਾਰ ਦੇਵਰਾਜ ਦੁਲੱਦੀ ਤੋਂ ਇਲਾਵਾ ਵੱਡੀ ਗਿਣਤੀ ਚ ਪਾਰਟੀ ਵਰਕਰ ਮੌਜੂਦ ਸਨ |