ਪਟਿਆਲਾ, 18 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਰੋਕੀਆਂ ਗਈਆਂ ਤਨਖਾਹਾਂ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀਆਂ ਜਾਣ | ਗੈਸਟ ਫੈਕਲਟੀ ਸੰਯੁਕਤ ਫਰੰਟ ਸਰਕਾਰੀ ਕਾਲਜ ਪੰਜਾਬ ਦੇ ਸੂਬਾਈ ਆਗੂ ਡਾ. ਰਾਵਿੰਦਰ ਸਿੰਘ ਮਾਨਸਾ, ਪ੍ਰੋ. ਗੁਰਸੇਵ ਸਿੰਘ ਪਟਿਆਲਾ, ਡਾ. ਪਰਮਜੀਤ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਪ੍ਰੋ. ਮੁਹੰਮਦ ਤਨਵੀਰ ਸੰਗਰੂਰ ਨੇ ਦੋਸ਼ ਲਗਾਇਆ ਕਿ ਨਵੇਂ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਕਰਨ ਸਮੇਂ ਗੈਸਟ ਪ੍ਰੋਫੈਸਰਾਂ ਨਾਲ ਵੱਡਾ ਧਰੋਹ ਕਮਾਇਆ ਗਿਆ ਹੈ ਕਿਉਂ ਕਿ ਨਵਿਆਂ ਨੂੰ ਪਹਿਲਾਂ ਲੱਗੇ ਗੈਸਟ ਪ੍ਰੋਫੈਸਰਾਂ ਦੀ ਅਸਾਮੀਆਂ 'ਤੇ ਲਗਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਪ੍ਰਭਾਵਿਤ ਹੋਣ ਵਾਲੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਤਨਖਾਹ ਕਾਲਜ ਪ੍ਰਬੰਧਕਾਂ ਵਲੋਂ ਜਾਰੀ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਗੈਸਟ ਪ੍ਰੋਫੈਸਰ ਫਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੱਖ-ਵੱਖ ਪ੍ਰੋਗਰਾਮਾਂ ਦੇ ਮੰਚਾਂ ਤੋਂ ਇਹ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਕਿਸੇ ਵੀ ਮੁਲਾਜਮ ਦਾ ਚੁੱਲ੍ਹਾ ਬੁਝਣ ਨਹੀਂ ਦੇਣਾ ਪਰ ਗੈਸਟ ਪ੍ਰੋਫੈਸਰਾਂ ਦੇ ਚੁੱਲ੍ਹੇ ਪਿਛਲੇ ਛੇ ਮਹੀਨਿਆਂ ਤੋਂ ਠੰਡੇ ਪਏ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਫਰੰਟ ਆਗੂਆਂ ਨਾਲ ਵਾਅਦੇ ਜਰੂਰ ਕੀਤੇ ਗਏ ਪਰ ਇਨ੍ਹਾਂ ਨੂੰ ਪੂਰਾ ਕਰਨ ਵਿਚ ਮੰਤਰੀ ਅਸਮਰੱਥ ਰਹੇ ਹਨ | ਫਰੰਟ ਆਗੂਆਂ ਨੇ ਕਿਹਾ ਕਿ ਪਹਿਲ ਦੇ ਅਧਾਰ 'ਤੇ ਪ੍ਰਭਾਵਤ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ | ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਕੰਮ ਕਰਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਕਿਹਾ ਕਿ ਉਨ੍ਹਾਂ ਆਪਣੀ ਜਿੰਦਗੀ ਦਾ ਸੁਨਹਿਰੀ ਸਮਾਂ ਸਰਕਾਰੀ ਕਾਲਜਾਂ ਨੂੰ ਦਿੱਤਾ ਹੈ ਇਸ ਲਈ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਾਲਜ ਪਿ੍ੰਸੀਪਲ ਤੁਰੰਤ ਪ੍ਰਭਾਵਿਤ ਗੈਸਟ ਪ੍ਰੋਫੈਸਰਾਂ ਦੀਆਂ ਤਨਖਾਹਾਂ ਜਾਰੀ ਕਰਨ |