ਘਨੌਰ, 19 ਜੁਲਾਈ (ਸਰਦਾਰਾ ਸਿੰਘ ਲਾਛੜੂ)-ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਆਪਣੀ ਕੋਆਰਡੀਨੇਟਰ ਟੀਮ ਦੇ ਨਾਲ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਹਲਕਾ ਘਨੌਰ ਵਿਚ ਨਸ਼ਾ ਮੁਕਤੀ ਮੁਹਿੰਮ ਦੀ ਤਾਜਾ ਸਥਿਤੀ ਅਤੇ ਹੋਰ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਮੁਕਤੀ ਪ੍ਰਤੀ ਸਰਕਾਰ ਦੀ ਜ਼ੋਰਦਾਰ ਪ੍ਰਤੀਬੱਧਤਾ ਦੇ ਤਹਿਤ ਹਲਕਾ ਘਨੌਰ ਵਿਚ ਯੁੱਧ ਪੱਧਰੀ ਨਸ਼ੇ ਵਿਰੋਧੀ ਕਾਰਵਾਈ ਜਾਰੀ ਹੈ | ਉਨ੍ਹਾਂ ਦੱਸਿਆ ਕਿ ਹਲਕਾ ਘਨੌਰ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਨਾਲ ਕਈ ਜ਼ਮੀਨੀ ਪੱਧਰ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ | ਵਿਧਾਇਕ ਗੁਰਲਾਲ ਘਨੌਰ ਨੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪਟਿਆਲਾ ਰੂਰਲ ਯੂਥ ਵਿੰਗ ਦੇ ਨਵ-ਨਿਯੁਕਤ ਇੰਚਾਰਜ ਨਿਸ਼ਾਨ ਸਿੰਘ ਸੰਧੂ, ਚੇਅਰਮੈਨ ਸਹਿਜਪਾਲ ਸਿੰਘ ਲਾਡਾ ਨਨਹੇੜਾ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਜੋਧਵੀਰ ਸਿੰਘ ਘੜਾਮਾ ਖ਼ੁਰਦ ਸਮੇਤ ਆਪਣੀ ਨਸ਼ਾ ਮੁਕਤੀ ਟੀਮ ਨੂੰ ਵੀ ਇਸ ਮੀਟਿੰਗ ਵਿਚ ਸ਼ਾਮਿਲ ਕਰਵਾਇਆ | ਮੀਟਿੰਗ ਦੌਰਾਨ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਗਿਆ ਹੈ | ਜਦ ਕਿ ਗ੍ਰਾਮ ਪੱਧਰ 'ਤੇ ਵੀ ਜਾਗਰੂਕਤਾ ਮੁਹਿੰਮਾਂ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਇਸ ਮੁਹਿੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਨਸ਼ਾ ਮੁਕਤੀ ਲਈ ਕਮਿਊਨਿਟੀ ਸੈਂਟਰਾਂ, ਸਿਹਤ ਕੈਂਪਾਂ ਅਤੇ ਸਿੱਖਿਆ ਪ੍ਰੋਗਰਾਮਾਂ ਦਾ ਦਾਇਰਾ ਵਧਾਇਆ ਜਾਵੇਗਾ | ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਨਸ਼ਾ ਮੁਕਤੀ ਮੁਹਿੰਮ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰਹੇਗੀ ਅਸੀਂ ਨੌਜਵਾਨਾਂ ਨੂੰ ਰੋਜ਼ਗਾਰ, ਖੇਡਾਂ ਅਤੇ ਸਿੱਖਿਆ ਨਾਲ ਜੋੜ ਕੇ ਇਕ ਸਿਹਤਮੰਦ ਸਮਾਜ ਦੀ ਰਚਨਾ ਕਰਾਂਗੇ | ਮੀਟਿੰਗ ਤੋਂ ਬਾਅਦ ਵਿਧਾਇਕ ਨੇ ਆਪਣੇ ਕੋਆਰਡੀਨੇਟਰ ਟੀਮ ਨਾਲ ਹਲਕਾ ਘਨੌਰ ਦੇ ਅਭਿਆਨਾਂ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਅਤੇ ਹਰ ਪਿੰਡ ਵਿਚ ਨਸ਼ੇ ਵਿਰੋਧੀ ਕਮੇਟੀਆਂ ਦੀ ਬਣਤਰ ਦਾ ਐਲਾਨ ਕੀਤਾ | ਇਸ ਮੌਕੇ ਜੱਸੀ ਢਿੱਲੋਂ, ਸਰਪੰਚ ਗੁਰਭੇਜ ਸਿੰਘ ਆਲਮਪੁਰ, ਸੋਨੀ ਝੂੰਗੀਆ, ਗੁਰਦੀਪ ਸਿੰਘ ਵਿਕਸੀ ਚੱਪੜ ਸਮੇਤ ਹੋਰ ਟੀਮ ਆਗੂ ਮੌਜੂਦ ਸਨ |