19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਐੱਸ.ਸੀ. ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ 37.33 ਲੱਖ ਦੀ ਕਰਜ਼ਾ ਮੁਆਫ਼ੀ ਦਾ ਤੋਹਫ਼ਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਐੱਸ.ਸੀ. ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ 37.33 ਲੱਖ ਦੀ ਕਰਜ਼ਾ ਮੁਆਫ਼ੀ ਦਾ ਤੋਹਫ਼ਾ ਦਿੰਦੇ ਹੋਏ | ਅਜੀਤ ਤਸਵੀਰ <br/> 21-07-2025
ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐੱਸ.ਸੀ. ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਦਾ ਸਾਰਾ ਕਰਜ਼ਾ ਮਾਫ਼ ਕਰਕੇ ਗਰੀਬ ਪਰਿਵਾਰਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ ਹੈ | ਅਜੀਤਪਾਲ ਸਿੰਘ ਕੋਹਲੀ ਨੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਗਰੀਬ ਪਰਿਵਾਰ ਹੁਣ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰਾਂ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ ਜਿਸ ਨਾਲ ਇਹ ਪਰਿਵਾਰ ਨਵੀਂ ਉਮੀਦ ਅਤੇ ਹੌਸਲੇ ਨਾਲ ਆਪਣੀ ਜ਼ਿੰਦਗੀ ਨੂੰ ਅੱਗੇ ਵਧਾ ਸਕਣਗੇ | ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ ਹੈ ਅਤੇ ਇਸ ਲਈ ਮੁੱਖ ਮੱਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਮੁਹਿੰਮ ਨਾਲ ਨਾ ਸਿਰਫ਼ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਬੋਝ ਤੋਂ ਛੁਟਕਾਰਾ ਮਿਲਿਆ ਹੈ, ਸਗੋਂ ਇਸ ਮੁਹਿੰਮ ਨਾਲ ਲੋਕਾਂ ਨੂੰ ਆਤਮਨਿਰਭਰ ਹੋਣ ਵਿੱਚ ਵੀ ਮਦਦ ਮਿਲੀ ਹੈ | ਉਨ੍ਹਾਂ ਕਿਹਾ ਕਿ ਐੱਸ.ਸੀ. ਭਾਈਚਾਰੇ ਵਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ਼ ਕੀਤੇ ਜਾਣ, ਕਿਉਂਕਿ ਹੜ੍ਹਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰਥ ਸਨ | ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਮੁਹਿੰਮ ਵਿਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤਾਂ ਦਾ ਲਾਭ ਲੈਣ | ਇਸ ਮੌਕੇ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿਚ ਮੁਆਫ਼ੀ ਕਰ ਦਿੱਤੀ ਗਈ, ਜਿਸ ਨਾਲ ਲਾਭਪਾਤਰੀਆਂ ਨੂੰ ਆਰਥਿਕ ਰਾਹਤ ਮਿਲੀ ਹੈ | ਇਸ ਮੌਕੇ ਐੱਸ.ਡੀ.ਐਮ. ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਦੇ ਧੰਦੇ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਦੋ ਪੀੜਤ ਕਿਸਾਨਾਂ ਨੂੰ ਚੇਅਰਮੈਨ ਚੰਦੂਆ ਨੇ ਵੰਡੇ ਚੈੱਕ ਅਗਲੀ ਖ਼ਬਰ ਅੰਗਹੀਣ ਵਿਅਕਤੀਆਂ ਨੂੰ ਜ਼ਰੂਰੀ ਉਪਕਰਨ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।