30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਰੰਗਲਾ ਪੰਜਾਬ' ਤਹਿਤ ਸਰਕਾਰ ਵਲੋਂ ਪਟਿਆਲਾ ਨੂੰ ਮਿਲਣਗੇ 5 ਕਰੋੜ-ਅਜੀਤਪਾਲ ਸਿੰਘ ਕੋਹਲੀ

ਅਜੀਤ ਡੈਸਕ 22-07-2025
ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਕਸਦ ਨਾਲ ਸੂਬੇ ਭਰ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿਚ ਹਰ ਇਕ ਹਲਕੇ ਨੂੰ ਪੰਜ ਕਰੋੜ ਰੁਪਏ ਵਿਕਾਸ ਕਾਰਜਾਂ ਪੱਖੋਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ 5 ਕਰੋੜ ਰੁਪਏ ਸੰਬੰਧਿਤ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਿਧਾਇਕ ਲੋਕਾਂ ਦੀ ਸਲਾਹ ਅਤੇ ਆਪਣੇ ਮੁਤਾਬਿਕ ਲਗਾ ਸਕੇਗਾ | ਇਸੇ ਤਹਿਤ ਵਿਧਾਨ ਸਭਾ ਹਲਕਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਸਮੁੱਚੇ ਕੌਂਸਲਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸਮੁੱਚੇ ਕੌਂਸਲਰਾਂ ਨੂੰ ਅਜੀਤਪਾਲ ਸਿੰਘ ਕੋਹਲੀ ਵਲੋਂ ਕਿਹਾ ਗਿਆ ਕਿ ਉਹ ਆਪੋ-ਆਪਣੇ ਵਾਰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਦੇ ਐਸਟੀਮੇਟ ਤਿਆਰ ਕਰਨ ਤਾਂ ਕਿ ਹਰ ਵਾਰਡ ਦੇ ਵਿਚ ਵਿਕਾਸ ਕਾਰਜ ਕਰਵਾਏ ਜਾ ਸਕਣ | ਕੋਹਲੀ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਤਰ੍ਹਾਂ ਕੌਂਸਲਰਾਂ ਨਾਲ ਮੀਟਿੰਗ ਕਰਕੇ ਜਾਂ ਉਨ੍ਹਾਂ ਦੇ ਹਿਸਾਬ ਦੇ ਨਾਲ ਕਦੇ ਵੀ ਵਿਕਾਸ ਕਾਰਜ ਨਹੀਂ ਕੀਤੇ | ਵਿਧਾਇਕ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਕੌਂਸਲਰਾਂ ਜਾਂ ਆਮ ਲੋਕਾਂ ਤੋਂ ਇਹ ਵੀ ਨਹੀਂ ਪੁੱਛਿਆ ਹੋਵੇਗਾ ਕਿ ਇਸ ਇਲਾਕੇ ਵਿਚ ਕਿਹੜਾ ਕੰਮ ਹੋਣ ਵਾਲਾ ਹੈ, ਇਸ ਲਈ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਲੋਕਾਂ ਦੇ ਮੁਤਾਬਿਕ ਵਿਕਾਸ ਕਾਰਜ ਕਰੇਗੀ, ਸੋ ਇਸ ਲਈ ਸਮੁੱਚੇ ਕੌਂਸਲਰ ਸਭ ਤੋਂ ਪਹਿਲਾਂ ਆਪਣੇ ਐਸਟੀਮੇਟ ਆਪਣੇ ਇਲਾਕੇ ਦੇ ਹਿਸਾਬ ਨਾਲ ਲੋਕਾਂ ਨੂੰ ਪੁੱਛ ਕੇ ਤਿਆਰ ਕਰਨਗੇ ਅਤੇ ਫਿਰ ਸਰਕਾਰ ਉਹ ਵਿਕਾਸ ਕਾਰਜ ਨੇਪਰੇ ਚੜ੍ਹਾਏਗੀ | ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਦੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਪੰਜਾਬ ਮੁੜ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ ਅਤੇ ਪੰਜਾਬ ਦੇ ਵਿਚ ਹਰ ਸ਼ਹਿਰ ਅਤੇ ਹਰ ਪਿੰਡ ਦੇ ਵਿਚ ਵਿਕਾਸ ਕਾਰਜ ਚਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਪਟਿਆਲਾ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆ ਕੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ | ਪਟਿਆਲਾ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਾਸਤੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੰਜਾਬ ਦਾ ਵਿਕਾਸ ਕਰਨਾ ਹੈ, ਜਿਸ ਲਈ ਕਾਰਜ ਕੀਤੇ ਜਾ ਰਹੇ ਹਨ | ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਮਿਸਾਲੀ ਕੰਮ ਕੀਤੇ ਗਏ ਹਨ | ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀਆਂ ਉਹ ਗਲੀਆਂ ਅਤੇ ਸੜਕਾਂ ਜਿਹੜੀਆਂ ਕਈ ਸਾਲਾਂ ਤੋਂ ਅਧੂਰੀਆਂ ਪਈਆਂ ਹਨ, ਨੂੰ ਬਣਾਉਣ ਲਈ ਕੰਮ ਸ਼ੁਰੂ ਕੀਤੇ ਜਾ ਚੁੱਕੇ ਹਨ | ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਕੰਮਾਂ ਸਦਕਾ ਜ਼ਿਮਨੀ ਚੋਣਾਂ 'ਚ ਪਾਰਟੀ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ |
ਪਿਛਲੀ ਖ਼ਬਰ ਗਿਆਨਦੀਪ ਮੰਚ ਵਲੋਂ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਸਾਉਣ ਦੀ ਝੜੀ ਨੇ ਗਰਮੀ ਦੇ ਪਰ ਕੁਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।