ਰਾਜਪੁਰਾ, 6 ਨਵੰਬਰ (ਜੀ. ਪੀ. ਸਿੰਘ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ 'ਆਪ ਦੇ ਦੁਆਰ' ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ 'ਚ ਕੋਈ ਢਿੱਲ ਮੱਠ ਨਾਂਹ ਵਰਤੀ ਜਾਵੇ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਡੀ. ਐੱਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਕੂਲ 'ਚ ਕਰਾਈ ਜਾਂਦੀ ਪੜ੍ਹਾਈ ਤੇ ਮਿਡ-ਡੇਅ-ਮੀਲ ਦਾ ਵੀ ਜਾਇਜ਼ਾ ਲਿਆ | ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਆਦਿ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਜਿਹੇ ਕੈਂਪਾਂ ਵਿਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਦਿਆਂ ਸਾਂਝ ਕੇਂਦਰ ਤੇ ਸੇਵਾ ਕੇਂਦਰਾਂ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਲੋਕਾਂ ਨੂੰ ਇੱਕੋ ਛੱਤ ਥੱਲੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ | ਇਸ ਮੌਕੇ ਬੀ. ਡੀ. ਪੀ. ਓ. ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |