ਪਟਿਆਲਾ, 6 ਨਵੰਬਰ (ਅ. ਸ. ਆਹਲੂਵਾਲੀਆ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ ਬਣੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਵਲੋਂ ਟੌਹੜਾ ਕਬੱਡੀ ਕੱਪ ਦੇ ਵਿਸ਼ੇਸ਼ ਸਹਿਯੋਗ ਨਾਲ ਹਰਪਾਲ ਟਿਵਾਣਾ ਆਡੀਟੋਰੀਅਮ ਨਾਭਾ ਰੋਡ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 8 ਨਵੰਬਰ ਦਿਨ ਸ਼ਨਿਚਰਵਾਰ ਨੂੰ ਸਵੇਰੇ 10.30 ਵਜੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਸੈਮੀਨਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ ਜਿਸ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼, ਬਾਣੀ ਤੇ ਸ਼ਹਾਦਤ ਸੰਬੰਧੀ ਹੋਵੇਗਾ | ਇਸ ਸੈਮੀਨਾਰ ਵਿਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਰਿਟਾ. ਜਸਟਿਸ ਰਣਜੀਤ ਸਿੰਘ ਦਾ ਮੁੱਖ ਭਾਸ਼ਣ ਹੋਵੇਗਾ | ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਬਣਨ ਜਾ ਰਹੀ ਪਹਿਲੀ ਮੁਫ਼ਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸਰਬਜਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੰਤ ਬਾਬਾ ਕਸ਼ਮੀਰਾ ਸਿੰਘ ਅਲੌਹਰਾਂ ਸਾਹਿਬ ਆਦਿ ਸੰਬੋਧਨ ਕਰਨਗੇ | ਇਸ ਮੌਕੇ ਰੱਖੜਾ ਪਰਿਵਾਰ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਹਿੱਤ ਪਾਏ ਵਡਮੁੱਲੇ ਯੋਗਦਾਨ ਲਈ ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ ਮਹਾਂਪੁਰਖਾਂ ਵਲੋਂ ਇਤਿਹਾਸਕ ਗੁਰਧਾਮਾਂ ਦੀ ਕੀਤੀ ਲਾਮਿਸਾਲ ਕਾਰ ਸੇਵਾ ਅਤੇ ਮਨੁੱਖੀ ਕਾਰਜਾਂ ਹਿਤ ਪਾਏ ਵਡਮੁੱਲੇ ਯੋਗਦਾਨ ਲਈ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ | ਜਥੇਦਾਰ ਟੌਹੜਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਵੱਡੇ ਭਾਗ ਹਨ ਕਿ ਆਪਾਂ ਨੂੰ ਇਹ ਸ਼ਤਾਬਦੀ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਲਈ ਅਸੀਂ ਆਪਣੇ ਫ਼ਰਜ਼ ਨੂੰ ਸਮਝਦੇ ਹੋਏ ਇਸ ਸੈਮੀਨਾਰ ਵਿਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀ ਕੀਤੀ ਗਈ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਈਏ |