ਦੇਵੀਗੜ੍ਹ, 6 ਨਵੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ 'ਪੰਜਾਬੀ ਫੈਸਟ' ਵਿਚ ਅਹਿਮ ਸਥਾਨ ਪ੍ਰਾਪਤ ਕਰਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਮੇਲਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ' ਵਿਖੇ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਮੀਨ ਕੌਰ ਨੇ 'ਸੁਰਾਂ ਦੀ ਸੁਗੰਧ' ਪੰਜਾਬੀ ਲੋਕ ਗੀਤ ਮੁਕਾਬਲੇ ਵਿਚ ਆਪਣੀ ਸੁਰੀਲੀ ਆਵਾਜ਼ ਦਾ ਜਾਦੂ ਬਿਖੇਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ, ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੌਰਵ ਸਿੰਘ ਨੇ ਦਸਤਾਰਬੰਦੀ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ ਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਉੱਚਾ ਕੀਤਾ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, 'ਸਾਨੂੰ ਆਪਣੇ ਵਿਦਿਆਰਥੀਆਂ 'ਤੇ ਬਹੁਤ ਮਾਣ ਹੈ | ਇਸ ਮੌਕੇ ਸਕੂਲ ਦੀ ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮੈਡਮ ਮਮਤਾ ਮੱਕੜ ਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |