ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-'ਆਪ' ਸਰਕਾਰ ਦੇ ਵਿਧਾਇਕ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਦੇ ਸਾਹਮਣੇ ਸ਼ਾਂਤਮਈ ਢੰਗ ਨਾਲ ਧਰਨਾ ਲਗਾਈ ਬੈਠੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਨੂੰ ਪਿਛਲੇ ਦਿਨੀਂ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਜਬਰੀ ਚੁੱਕ ਦਿੱਤਾ ਗਿਆ ਅਤੇ ਕੁੱਝ ਸਮੇਂ ਲਈ ਉੱਥੇ ਮੌਜੂਦ ਸਾਥੀਆਂ ਨੂੰ ਗਿ੍ਫ਼ਤਾਰ ਕਰਕੇ ਗਾਂਧੀ ਪਾਰਕ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਸੀ | ਆਗੂਆਂ ਨੇ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਬਹੁਤ ਹੀ ਵੱਡੀ ਗਿਣਤੀ ਵਿਚ ਫ਼ੌਜ ਦੇ ਜਵਾਨ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੇ ਲਈ ਲਗਾਏ ਗਏ | ਅਜਿਹੇ ਸ਼ਰਮਨਾਕ ਕਾਰੇ ਦਾ ਸਮੂਹ ਅਧਿਆਪਕ ਵਰਗ ਵਲੋਂ ਪੁਰਜ਼ੋਰ ਵਿਰੋਧ ਕੀਤਾ ਜਾ ਰਿਹਾ ਹੈ | ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀ ਗਈ ਇਸ ਕਾਰਵਾਈ ਦੇ ਵਿਰੋਧ ਵਜੋਂ ਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਹੱਕਾਂ ਤੋਂ ਵਾਂਝਾ ਰੱਖਣ ਦੇ ਵਿਰੋਧ ਵਜੋਂ 8 ਨਵੰਬਰ ਨੂੰ ਤਰਨਤਾਰਨ ਦੇ ਸਾਰੇ ਪਿੰਡਾਂ, ਕਸਬਿਆਂ ਵਿੱਚ ਕੰਪਿਊਟਰ ਅਧਿਆਪਕਾਂ ਵਲੋਂ ਵੱਡੇ ਜਨ-ਸਮੂਹ ਦੇ ਰੂਪ ਵਿੱਚ ਝੰਡਾ ਮਾਰਚ ਰੋਸ ਰੈਲੀ ਕੀਤੀ ਜਾਵੇਗੀ ਤਾਂ ਜੋ ਜ਼ਿਮਨੀ ਚੋਣ ਵਿਚ ਪੂਰੇ ਤਰਨਤਾਰਨ ਜ਼ਿਲੇ੍ਹ ਦੇ ਲੋਕਾਂ ਨੂੰ ਸਰਕਾਰ ਦਾ ਅਸਲੀ ਚਿਹਰਾ ਵਿਖਾਇਆ ਜਾ ਸਕੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |