ਪਟਿਆਲਾ, 19 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੀ ਟੀਮ ਨੇ ਭਾਰਤ ਦੇ ਪੁਰਬੀ ਸੂਬੇ ਆਸਾਮ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਧੁਪੜੀ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਚੱਲੇ ਨਗਰ ਕੀਰਤਨ, ਜੋ ਦੇਸ਼ ਦੇ ਅਲੱਗ-ਅਲੱਗ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਪੰਜਾਬ ਦੇ ਪਟਿਆਲਾ ਸ਼ਹਿਰ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰੱਖਿਆ ਦੇ ਲਈ ਆਪਣਾ ਬਲਿਦਾਨ ਦਿੱਤਾ | ਇਸ ਲਈ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ 'ਮੀਨਾਰ ਏ ਫਰੀਡਮ ਆਫ ਰੀਲੀਜਨ' ਨਾਮ ਦਾ 350 ਫੁੱਟ ਦਾ ਸਤੰਭ ਬਣਾਇਆ ਜਾਣਾ ਚਾਹੀਦਾ ਹੈ | ਇਸ ਦੇ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਵੀ ਲਿਖਿਆ ਅਤੇ ਇਕ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖਿਆ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਜਰਾਤ 'ਚ ਪਿਲਰ ਆਫ ਯੂਨਿਟੀ ਸਰਦਾਰ ਪਟੇਲ ਦੀ ਯਾਦ ਵਿਚ ਲਗਾਇਆ ਗਿਆ ਹੈ, ਉਸ ਦਾ ਅਸਲੀ ਹੱਕਦਾਰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਹੈ, ਜਿੱਥੇ ਧਰਮ ਦੀ ਰੱਖਿਆ ਦੇ ਲਈ ਬਲਿਦਾਨ ਦਿੱਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਆਦਿ ਵੀ ਹਾਜ਼ਰ ਸਨ |