ਪਟਿਆਲਾ 19 ਨਵੰਬਰ (ਮਨਦੀਪ ਸਿੰਘ ਖਰੌੜ)-ਅੱਜ ਲੋਕ ਸਭਾ ਪਟਿਆਲਾ ਦੇ ਇੰਚਾਰਜ ਅਤੇ ਪੰਜਾਬ ਐਗਰੋ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ਵਲੋਂ ਲਏ ਫ਼ੈਸਲੇ ਬਾਰੇ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਲੋਂ ਲਏ ਗਏ ਅਹਿਮ ਲੋਕ ਪੱਖੀ ਫ਼ੈਸਲੇ ਦੇ ਐਲਾਨ ਦਾ ਸੁਆਗਤ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਟੇਟ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਤੋਂ ਬਿਨਾ ਹੀ ਬਿਜਲੀ ਕਨੈੱਕਸ਼ਨ ਜਾਰੀ ਕਰੇਗਾ | ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਫ਼ੈਸਲਾ ਰਾਸ਼ਟਰੀ ਕਨਵੀਨਰ ਅਰਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਗਰਿਕਾਂ ਨੂੰ ਬਿਨਾ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਤਾਂ ਜੋ ਕਾਨੂੰਨੀ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਇਆ ਜਾ ਸਕੇ | ਬਿਜਲੀ ਕਨੈੱਕਸ਼ਨ ਲੈਣ ਤੋ ਪਹਿਲਾ ਸਥਾਨਕ ਅਧਿਕਾਰੀਆਂ ਦੀ ਪ੍ਰਵਾਨਗੀਆਂ ਜਮਾ ਕਰਵਾਉਣੀਆਂ ਪੈਂਦਿਆਂ ਸਨ ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ, ਪ੍ਰੰਤੂ ਮਾਨ ਸਰਕਾਰ ਨੇ ਇਹ ਵੱਡਾ ਫ਼ੈਸਲਾ ਲੈ ਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ ਜਿਸ ਨਾਲ ਖੱਜਲ ਖੁਆਰੀ ਤੋਂ ਵੱਡੀ ਨਿਜਾਤ ਮਿਲੀ ਹੈ