ਪਟਿਆਲਾ, 19 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਸਦਕਾ ਹਲਕਾ ਸਨੌਰ ਦੇ ਪਿੰਡਾਂ ਦੇ ਵਿਕਾਸ ਲਈ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵਲੋਂ 47 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਚੈੱਕ ਵੰਡੇ ਗਏ | ਜਿਸ ਸਦਕਾ ਹਲਕਾ ਸਨੌਰ ਨੂੰ ਵਿਕਾਸ ਦੇ ਕੰਮਾਂ ਵਿੱਚ ਮੋਹਰੀ ਦੇ ਤੌਰ 'ਤੇ ਗਿਣਿਆ ਜਾਵੇਗਾ | ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ 2 ਕਰੋੜ ਰੁਪਏ ਦੀ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਕਾਰਜਾਂ ਜਿਵੇਂ ਗਲੀਆਂ ਨਾਲੀਆਂ ਦੇ ਨਿਰਮਾਣ ਅਤੇ ਗੰਦੇ ਪਾਣੀ ਦੇ ਨਿਕਾਸ ਲਈ ਵਰਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਯਤਨਸ਼ੀਲ ਹੈ | ਇਸ ਮੌਕੇ ਬਲਾਕ ਪ੍ਰਧਾਨ ਸਨੌਰ ਹਰਪ੍ਰੀਤ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਰਾਜਾ ਧੰਜੂ ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਬਲਾਕ ਪ੍ਰਧਾਨ, ਦਵਿੰਦਰ ਸਿੰਘ ਅਦਾਲਤੀ ਵਾਲਾ ਬਲਾਕ ਪ੍ਰਧਾਨ, ਗੁਰਜੀਤ ਸਿੰਘ ਭੱਠਲ ਬਲਾਕ ਪ੍ਰਧਾਨ, ਰਵਿੰਦਰ ਸਿੰਘ ਜਮਨਾ ਬਲਾਕ ਪ੍ਰਧਾਨ, ਪਾਰਟੀ ਵਰਕਰ, ਸਰਪੰਚ, ਪੰਚ ਆਦਿ ਮੌਜੂਦ ਸਨ |