ਦੇਵੀਗੜ੍ਹ, 3 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ ਇਸ ਨਾਲ ਸੂਬੇ ਦੇ ਅਧਿਆਪਕਾਂ ਦਾ ਮਨੋਬਲ ਉੱਚਾ ਹੋਵੇਗਾ, ਜਿਸ ਦਾ ਨਤੀਜਾ ਚੰਗਾ ਅਧਿਆਪਨ ਹੋਵੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕੀਤਾ ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸਕੂਲ, ਦੇਵੀਗੜ੍ਹ ਵਿਖੇ ਪਿ੍ੰਸੀਪਲ ਸੁਧੀਰ ਕੁਮਾਰ ਦੀ ਅਗਵਾਈ ਹੇਠ ਟੀਚਰਜ਼ ਫੈਸਟ ਕਰਵਾਇਆ ਗਿਆ | ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਨੇ ਬਤੌਰ ਜੱਜ ਸੇਵਾ ਨਿਭਾਈ ਇਸ ਸਮਾਗਮ 'ਚ ਭੁਨਰਹੇੜੀ ਬਲਾਕ ਦੇ ਕਈ ਸਕੂਲਾਂ ਦੇ ਲਗਪਗ 20 ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਸਿੱਖਿਅਕ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਨੇ ਅਧਿਆਪਕਾਂ ਦੀ ਪ੍ਰਤਿਭਾ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਦੀ ਖੁੱਲ੍ਹ ਕੇ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਟ ਨਾ ਸਿਰਫ ਵਿਦਿਆਰਥੀਆਂ ਨੂੰ ਹੀ ਮੰਚ ਪ੍ਰਦਾਨ ਕਰਦੇ ਹਨ, ਸਗੋਂ ਅਧਿਆਪਕਾਂ ਦੇ ਮਨੋਬਲ ਨੂੰ ਵੀ ਵਧਾਉਂਦੇ ਹਨ, ਕਿਉਂਕਿ ਉਨ੍ਹਾਂ ਦੀ ਵਿਚਾਰਸ਼ੀਲ ਅਤੇ ਰਚਨਾਤਮਿਕ ਪਹੁੰਚ ਨੂੰ ਵਿਗਸਣ ਦਾ ਮੌਕਾ ਮਿਲਦਾ ਹੈ | ਇਸ ਮੌਕੇ ਪਿ੍ੰਸੀਪਲ ਸੁਧੀਰ ਕੁਮਾਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਨਾਲ ਸਿੱਖਿਆ ਪ੍ਰਣਾਲੀ 'ਚ ਨਵੀਂ ਤਾਜ਼ਗੀ ਆਵੇਗੀ ਅਤੇ ਅਧਿਆਪਕ-ਵਿਦਿਆਰਥੀ ਸੰਬੰਧ ਹੋਰ ਮਜ਼ਬੂਤ ਹੋਣਗੇ | ਸਰਕਾਰ ਦੇ ਇਨ੍ਹਾਂ ਯਤਨਾਂ ਨਾਲ ਅਧਿਆਪਕਾਂ 'ਚ ਸਿੱਖਿਆ ਪ੍ਰਤੀ ਨਵੀਂ ਲਗਨ ਅਤੇ ਉਤਸ਼ਾਹ ਪੈਦਾ ਹੋ ਰਿਹਾ ਹੈ | ਸਮਾਰੋਹ ਦੀ ਸਮਾਪਤੀ ਇਨਾਮ ਵੰਡ ਸਮਾਰੋਹ ਨਾਲ ਹੋਈ, ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਵਿਜੇ ਕੁਮਾਰ ਨੇ ਨਿਭਾਈ ਫੈਸਟ 'ਚ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲਾਂ ਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ |