ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬਲਬੀਰ ਬਸਤੀ ਇਕ ਘਰ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਕਰਮਚਾਰੀਆ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਚੈਕਿੰਗ ਕਰ ਰਹੇ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਵਿਸ਼ਾਲ ਕੁਮਾਰ ਪੁੱਤਰ ਪਾਲੂ ਰਾਮ ਵਾਸੀ ਬਲਬੀਰ ਬਸਤੀ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਵੇਚਦਾ ਹੈ, ਜਿਸ 'ਤੇ ਉਸ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ 46 ਬੋਤਲਾਂ ਠੇਕਾ ਸ਼ਰਾਬ ਦੇਸੀ ਤੇ 10 ਹਜ਼ਾਰ ਰੁਪਏ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |