ਫ਼ਰੀਦਕੋਟ, 18 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਪੰਜਾਂ ਵਿਅਕਤੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਹਰਦੀਪ ਸਿੰਘ ਉਰਫ਼ ਜੇ. ਪੀ. ਪੁੱਤਰ ਇੰਦਰਜੀਤ ਸਿੰਘ, ਸੁਖਪ੍ਰੀਤ ਸਿੰਘ ਉਰਫ਼ ਸੁੱਖੀ ਪੁੱਤਰ ਜਗਜੀਤ ਸਿੰਘ ਤੇ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜਗਜੀਤ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਦੇਵ ਸਿੰਘ, ਇੰਚਾਰਜ ਪੁਲਿਸ ਚੌਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਕਰਦੇ ਹੋਏ ਪਿੰਡ ਮੋਰਾਂਵਾਲੀ ਤੋਂ ਪਿੰਡ ਪੱਖੀ ਕਲਾਂ ਵਲੋਂ ਜਾ ਰਹੇ ਸਨ ਤਾਂ ਪੈਦਲ ਆ ਰਹੇ ਜਗਦੇਵ ਸਿੰਘ ਉਰਫ਼ ਬੱਬੂ ਪੁੱਤਰ ਗਰਸ਼ਾ ਸਿੰਘ ਵਾਸੀ ਪਿੰਡ ਮੋਰਾਂਵਾਲੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਕਥਿਤ ਦੋਸ਼ੀ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਹਰਵਿੰਦਰ ਸਿੰਘ ਉਰਫ਼ ਹੈਰੀ ਪੁੱਤਰ ਜਗਦੇਵ ਸਿੰਘ ਉਰਫ਼ ਨੀਲਾ ਵਾਸੀ ਮੋਰਾਂਵਾਲੀ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |