ਕਿਸ਼ਨਪੁਰਾ ਕਲਾਂ, 15 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਆਜ਼ਾਦ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਪ੍ਰਧਾਨ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਦੀ ਅਗਵਾਈ ਹੇਠ ਕਿਸ਼ਨਪੁਰਾ ਕਲਾਂ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ | ਜਿਸ 'ਚ ਬਿਜਲੀ ਬੋਰਡ ਦੇ ਨਿੱਜੀਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ | ਪ੍ਰਧਾਨ ਲਖਵੀਰ ਸਿੰਘ ਦੌਧਰ, ਮੀਤ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਨੇ ਦੱਸਿਆ ਕਿ 21 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿਚ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸੋਧ ਬਿੱਲ ਵਿਚ ਬਿਜਲੀ ਪੈਦਾ ਕਰਨ ਦੇ ਅਧਿਕਾਰ ਨਿੱਜੀ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ ਤੇ ਇਸ ਬਿੱਲ ਦੇ ਪਾਸ ਹੋਣ ਨਾਲ ਨਿੱਜੀ ਕੰਪਨੀਆਂ ਨੂੰ ਬਿਜਲੀ ਵੇਚਣ ਦੇ ਰੇਟ ਤਹਿ ਕਰਨ ਦਾ ਅਧਿਕਾਰ ਮਿਲ ਜਾਵੇਗਾ | ਜਿਸ ਕਾਰਨ ਆਮ ਖਪਤਕਾਰਾਂ ਨੂੰ ਵੱਡਾ ਨੁਕਸਾਨ ਹੋਵੇਗਾ | ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ 17 ਜੁਲਾਈ ਦਿਨ ਵੀਰਵਾਰ ਨੂੰ ਮੋਗਾ ਪਾਵਰ ਕਾਮ ਐਕਸੀਅਨ ਦੇ ਦਫਤਰ ਅੱਗੇ ਧਰਨਾ ਲਗਾਇਆ ਜਾਵੇਗਾ ਅਤੇ ਕਿਸਾਨਾਂ, ਮਜ਼ਦੂਰਾਂ ਆਮ ਲੋਕਾਂ ਨੂੰ ਠੀਕ 10 ਵਜੇ ਧਰਨੇ 'ਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਜਗਮੋਹਨ ਸਿੰਘ ਪੈੱ੍ਰਸ ਸਕੱਤਰ, ਰਾਜੂ ਪੱਤੋ, ਚਮਕੌਰ ਸਿੰਘ ਦੱਦਾਹੂਰ, ਜੁਗਰਾਜ ਸਿੰਘ ਦੱਦਾਹੂਰ, ਸੁਖਜੀਤ ਸਿੰਘ ਦੌਧਰ, ਕਰਮਜੀਤ ਸਿੰਘ ਦੌਧਰ, ਇਕਬਾਲ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |