ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਸ੍ਰੀ ਸੁਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਅਤੇ ਓਾਕਾਰ ਸਿੰਘ ਤੇਜੇ ਪ੍ਰੋਜੈਕਟ ਇੰਚਾਰਜ ਨਵੀਆਂ ਕਲਮਾਂ ਨਵੀਂ ਉਡਾਣ ਵਲੋਂ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ ਇਕ ਰੋਜਾ ਬਾਲ ਉਤਸਵ ਵਿਚ ਮੋਗਾ ਜ਼ਿਲੇ੍ਹ ਦੀ ਤੀਜੀ ਕਿਤਾਬ ਲੋਕ ਅਰਪਣ ਕੀਤੀ ਗਈ | ਇਸ ਸਮਾਗਮ ਵਿਚ ਭਾਗ ਲੈਣ ਤੋਂ ਬਾਅਦ ਸਕੂਲ ਪਹੁੰਚਣ 'ਤੇ ਅਧਿਆਪਕ ਬਲਜੀਤ ਸੇਖਾ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਵੇਰ ਦੀ ਸਭਾ ਦੇ ਵਿਚ ਸਕੂਲ ਮੁਖੀ ਵੀਰਪਾਲ ਕੌਰ ਵਲੋਂ ਪੰਜਾਬੀ ਮਾਂ ਬੋਲੀ ਨਾਲ ਜੁੜਨ ਵਾਲੇ ਬੱਚੇ ਅਤੇ ਉਨ੍ਹਾਂ ਦੇ ਗਾਈਡ ਅਧਿਆਪਕ ਬਲਜੀਤ ਸੇਖਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰੋਜੈਕਟ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਬਲਜੀਤ ਸਿੰਘ ਸੇਖਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਬੱਚਿਆਂ ਦਾ ਆਪਣਾ ਪ੍ਰੋਜੈਕਟ ਹੈ, ਜਿਸ ਵਿਚ ਬੱਚੇ ਆਪਣੀਆਂ ਮੌਲਿਕ ਰਚਨਾਵਾਂ ਪੇਸ਼ ਕਰਦੇ ਹਨ, ਜਿਨ੍ਹਾਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਤੇ ਹੁਣ ਤੱਕ ਲਗਪਗ 6000 ਬੱਚਿਆਂ ਦੀਆਂ ਰਚਨਾਵਾਂ ਛਾਪੀਆਂ ਜਾ ਚੁੱਕੀਆਂ ਹਨ | ਸਕੂਲ ਮੁਖੀ ਵੀਰਪਾਲ ਕੌਰ ਨੇ ਕਿਹਾ ਕਿ ਉਹ ਸੁੱਖੀ ਬਾਠ ਅਤੇ ਉਂਕਾਰ ਸਿੰਘ ਤੇਜੇ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਨਾਲ ਜੁੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਮੇਂ ਕੁਝ ਵਿਦਿਆਰਥੀਆਂ ਨੇ ਆਪਣੀਆਂ ਲਿਖੀਆਂ ਰਚਨਾਵਾਂ ਵੀ ਪੇਸ਼ ਕੀਤੀਆਂ |