22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰਾਜੈਕਟ ਜੀਵਨਜੋਤ-02 ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਕੀਤੀ ਚੈਕਿੰਗ

ਅਜੀਤ ਡੈਸਕ 22-07-2025
ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ਪ੍ਰਾਜੈਕਟ ਜੀਵਨਜੋਤ-02 ਮੁਹਿੰਮ ਦੇ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਉਨ੍ਹਾਂ ਬੱਚਿਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜੋ ਪੜ੍ਹਨ ਦੀ ਉਮਰ 'ਚ ਭੀਖ ਮੰਗ ਰਹੇ ਹਨ ਜਾਂ ਜਿਨ੍ਹਾਂ ਬੱਚਿਆਂ ਤੋਂ ਜ਼ਬਰਦਸਤੀ ਭੀਖ ਮੰਗਵਾਈ ਜਾ ਰਹੀ ਹੈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਬਾਲ ਭਿੱਖਿਆ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ | ਭੀਖ ਮੰਗਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀ. ਐਨ. ਏ. ਟੈਸਟ ਵੀ ਕਰਵਾਇਆ ਜਾਣਾ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹਾ ਟਾਸਕ ਫੋਰਸ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ | ਉਨ੍ਹਾਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ | ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਉਹ ਆਪਣੇ ਪੈਰਾ 'ਤੇ ਖੜ੍ਹੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ | ਉਨ੍ਹਾਂ ਕਿਹਾ ਕਿ ਇਹ ਚੈਕਿੰਗਾਂ ਭਵਿੱਖ 'ਚ ਵੀ ਲਗਾਤਾਰ ਜਾਰੀ ਰਹਿਣਗੀਆ ਤਾਂ ਜੋ ਮੁਹਿੰਮ ਤਹਿਤ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕ ਕੇ ਸਕੂਲ ਭੇਜਿਆ ਜਾ ਸਕੇ | ਇਸ ਦੌਰਾਨ ਪ੍ਰੋਟੈਕਸ਼ਨ ਅਫਸਰ ਐਨ. ਆਈ. ਸੀ. ਸੁਮਨਦੀਪ ਸਿੰਘ ਨੇ ਦੱਸਿਆ ਕਿ ਬਾਲ ਭਿੱਖਿਆ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਜੁਵੇਨਾਇਲ ਜਸਟਿਸ ਐਕਟ ਦੇ ਸੈਕਸ਼ਨ 76 ਅਧੀਨ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜੇਕਰ ਕਿਸੇ ਨੂੰ ਕਿਤੇ ਵੀ ਬਾਲ ਭਿੱਖਿਆ ਕਰਦਾ ਕੋਈ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫ੍ਰੀ ਨੰਬਰ 1098 'ਤੇ ਫ਼ੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ | ਇਸ 'ਚ ਜਾਣਕਾਰੀ ਦੇਣ ਵਾਲੇ ਦਾ ਨਾਂਅ ਤੇ ਨੰਬਰ ਗੁਪਤ ਰੱਖਿਆ ਜਾਵੇਗਾ | ਚੈਕਿੰਗ ਦੇ ਦੌਰਾਨ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਚਾਈਲਡ ਲਾਈਨ (1098) ਟੀਮ, ਮਾਲਤੀ ਜੈਨ ਕਾਊਾਸਲਰ ਤੇ ਨੇਹਾ ਰਾਣੀ ਆਉਟਰੀਚ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਪੁਲਿਸ ਵਲੋਂ ਗਿ੍ਫ਼ਤਾਰ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।