11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 06-11-2025
ਫ਼ਰੀਦਕੋਟ, 5 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਰਾਮਗੜੀਆ ਸਭਾ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਰਣਜੋਧ ਸਿੰਘ ਕੈਨੇਡਾ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਬਾਬਾ ਵਿਸ਼ਵਕਰਮਾ ਦੇ ਪ੍ਰਧਾਨ ਮੱਘਰ ਸਿੰਘ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਲਾਲ ਸਿੰਘ ਕਲਸੀ ਜਰਨਲ ਸਕੱਤਰ, ਸੁਪਰੀਤ ਸਿੰਘ, ਨੇਕ ਸਿੰਘ, ਪ੍ਰੋ. ਜਤਿੰਦਰ ਸਿੰਘ ਸੰਧੂ, ਹਰਭਜਨ ਸਿੰਘ ਖਾਲਸਾ, ਮਾਸਟਰ ਸੁਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਤੋਤਾ, ਕਸ਼ਮੀਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਜਗਤਾਰ ਸਿੰਘ, ਕੁਲਵੰਤ ਸਿੰਘ, ਵਿੱਕੀ ਸਿੰਘ, ਸ਼ਵਿੰਦਰ ਸਿੰਘ, ਬਲਦੇਵ ਸਿੰਘ ਖੋਸਾ, ਮਾਸਟਰ ਸੰਤ ਸਿੰਘ ਹਾਜ਼ਰ ਸਨ | ਇਸ ਮੌਕੇ ਭਾਈ ਰਣਜੋਧ ਸਿੰਘ ਅਤੇ ਵਿੱਕੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |
ਗੁਰਦੁਆਰਾ ਸਾਹਿਬ ਪੁਲਿਸ ਲਾਈਨ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ | ਇਸ ਦੌਰਾਨ ਕੀਰਤਨੀ ਜਥੇ ਨੇ ਆਈ ਹੋਈ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ | ਇਸ ਮੌਕੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਸਮੇਤ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਅਫ਼ਸਰ ਥਾਣਾ/ਚੌਕੀਆਂ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੀ ਕਿਰਪਾ ਪ੍ਰਾਪਤ ਕਰਨ ਲਈ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ | ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਲਈ ਸਾਰੀ ਹਾਜ਼ਰ ਸੰਗਤ ਨੂੰ ਪ੍ਰੇਰਿਤ ਕੀਤਾ ਗਿਆ | ਸਾਰਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਧਰਮ ਅਤੇ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕਰਦਿਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਅਤੇ ਸਾਰੇ ਗਜਟਿਡ ਅਧਿਕਾਰੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਸਚਾਈ, ਇਨਸਾਫ, ਸੇਵਾ ਤੇ ਨਿਮਰਤਾ ਦਾ ਪਾਠ ਪੜ੍ਹਾਉਂਦੇ ਹਨ | ਗੁਰੂ ਸਾਹਿਬ ਦੀ ਬਾਣੀ ਸਾਨੂੰ ਜੀਵਨ ਵਿਚ ਨੇਕੀ ਤੇ ਸੇਵਾ ਦਾ ਮਾਰਗ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ |
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਫ਼ਰੀਦਕੋਟ, (ਸਟਾਫ਼ ਰਿਪੋਰਟਰ)-ਗੁਰਦੁਆਰਾ ਸਾਹਿਬਜਾਦਾ ਬਾਬਾ ਫ਼ਤਿਹ ਸਿੰਘ ਜੀ ਸੁੰਦਰ ਨਗਰ (ਫ਼ਰੀਦਕੋਟ) ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਪ੍ਰਕਾਸ਼ ਕਰਵਾਏ, ਬਾਣੀ ਦੇ ਪ੍ਰਵਾਹ ਦੇ ਅੱਜ ਭੋਗ ਪਾਏ ਗਏ ਅਤੇ ਨਗਰ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਹਾਜ਼ਰ ਸੰਗਤ ਨੂੰ ਵਧਾਈਆਂ ਦੇ ਕੇ ਗੁਰੂ ਜੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਕਥਾ ਵਾਚਕ ਭਾਈ ਬਲਜਿੰਦਰ ਸਿੰਘ ਮੱਲੇਵਾਲਾ ਨੇ ਗੁਰਬਾਣੀ ਅਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਜੀਵਨ ਅਤੇ ਫ਼ਲਫ਼ਸੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਕਿਰਤ ਕਰਨ, ਨਾਮ ਜਾਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਨਿੱਕੇ ਬੱਚਿਆਂ ਸੁਖਮਨ ਕੌਰ, ਦਿਲਪ੍ਰੀਤ ਕੌਰ, ਜਗਜੀਵਨ ਕੌਰ, ਰੁਪਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਕੁਲਵੰਤ ਸਿੰਘ ਮੁੱਖ ਪ੍ਰਬੰਧਕ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਜਗਸੀਰ ਸਿੰਘ ਮੈਂਬਰ ਪੰਚਾਇਤ, ਠੇਕੇਦਾਰ ਬਲਬੀਰ ਸਿੰਘ, ਸਤੀਸ਼ ਕੁਮਾਰ, ਸਵਰਨ ਸਿੰਘ, ਮਲਕੀਤ ਸਿੰਘ, ਬਾਬਾ ਅਜੀਤ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ, ਰਾਜਾ ਸਿੰਘ, ਮਨਦੀਪ ਸਿੰਘ, ਸਾਧੂ ਸਿੰਘ, ਲਾਡੀ ਅਰੋੜਾ, ਸੂਰਜ, ਜਗਤਾਰ ਸਿੰਘ, ਗੁਲਜਾਰ ਸਿੰਘ, ਰੇਸ਼ਮ ਸਿੰਘ, ਆਕਾਸ਼ਦੀਪ ਸਿੰਘ, ਰਵਿੰਦਰ ਸਿੰਘ ਰਵੀ, ਸੁਖਵਿੰਦਰ ਸਿੰਘ ਸੁੱਖਾ, ਹੁਸ਼ਿਆਰ ਸਿੰਘ, ਪਰਮਜੀਤ ਸਿੰਘ, ਬੀਬੀ ਅਮਰਜੀਤ ਕੌਰ, ਭਾਈ ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਗੁਰਦੁਆਰਾ ਬਲਬੀਰ ਐਵੀਨਿਊ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਸ਼ਹਿਰ ਦੇ ਵੱਖ ਵੱਖ ਹਿੱਸਿਆਂ 'ਚੋਂ ਗੁਜ਼ਰਿਆ ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ ਨਾਲ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਜੋ ਬਾਣੀ ਦਾ ਜਾਪ ਕਰਦੇ ਹੋਏ ਅੱਗੇ ਵੱਧ ਰਹੇ ਸਨ | ਇਸ ਮੌਕੇ ਸੰਗਤਾਂ ਵਲੋਂ ਥਾਂ ਥਾਂ ਨਗਰ ਕੀਰਤਨ ਦੇ ਸਵਾਗਤ ਲਈ ਲੰਗਰ ਲਗਾਏ ਗਏ ਸਨ | ਇਸ ਮੌਕੇ ਗੁਰਦੁਆਰਾ ਵਿਸ਼ਵਕਰਮਾ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਨੇ ਕਿਹਾ ਕਿ ਅੱਜ ਪੂਰੇ ਸੰਸਾਰ 'ਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਨਾਨਕ ਜੀ ਨੇ ਕਿਰਤ ਕਰੋ ਵੰਡ ਛਕੋ ਦਾ ਸੰਦੇਸ਼ ਦਿੱਤਾ ਉਸ ਨੂੰ ਹਰ ਇਕ ਵਿਅਕਤੀ ਨੂੰ ਆਪਣੇ ਜੀਵਨ 'ਚ ਅਪਨਾਉਣ ਦੀ ਲੋੜ ਹੈ |
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸਾਦਿਕ, (ਆਰ.ਐਸ.ਧੁੰਨਾ)-ਮਾਨਵਤਾ ਦੀ ਭਲਾਈ ਲਈ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਕੁਲ ਲੋਕਾਈ ਨੂੰ ਸੰਦੇਸ਼ ਦੇਣ ਵਾਲੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਬਾੜੀ ਸਾਦਿਕ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਅੰਖਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਅਸਥਾਨ ਦੀ ਕਾਰ ਸੇਵਾ ਕਰਵਾ ਰਹੇ ਬਾਬਾ ਕਾਰਜ ਸਿੰਘ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਬਰਗਾੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਇਆ
ਬਰਗਾੜੀ, (ਸੁਖਰਾਜ ਸਿੰਘ ਗੋਂਦਾਰਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਅਵਤਾਰ ਦਿਹਾੜਾ ਬੜੀ ਹੀ ਸ਼ਰਧਾਂ ਤੇ ਉਤਸਾਹ ਨਾਲ ਮਨਾਇਆਂ ਗਿਆ | ਗੁਰੂ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਅਤੇ ਲਗਾਤਾਰ ਤਿੰਨ ਦਿਨ ਚਲੇ ਬਾਣੀ ਦੇ ਪ੍ਰਵਾਹ ਦੇ ਅੱਜ ਭੋਗ ਪਾਏ ਗਏ ਅਤੇ ਨਗਰ ਦੀ ਸੁਖ-ਸ਼ਾਂਤੀ ਲਈ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬੁੱਧ ਸਿੰਘ ਨੇ ਹਾਜ਼ਰ ਸੰਗਤ ਨੂੰ ਵਧਾਈਆਂ ਦੇ ਕਿ ਗੁਰੂ ਜੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ, ਗੁਰਬਾਣੀ ਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਜੀਵਨ ਦੇ ਫ਼ਲਫ਼ਸੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਕਿਰਤ ਕਰਨ, ਨਾਮ ਜਾਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਜਲੇਬੀਆਂ, ਬਰੈਡ, ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਖਜੰਤ ਸਿੰਘ ਸਦਿਓੁੜਾ, ਡਾ. ਬਲਵਿੰਦਰ ਸਿੰਘ ਸਿਵੀਆਂ, ਗਗਨਵੀਰ ਸਿੰਘ ਕੈਨੇਡਾ, ਕੁਲਦੀਪ ਸ਼ਰਮਾ, ਨਾਇਬ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਮੈਨੇਜਰ ਕੁਲਵਿੰਦਰ ਸਿੰਘ, ਅਮਰ ਸਿੰਘ ਖਾਲਸਾ, ਹੈਪੀ ਸਿਵੀਆਂ, ਸੁਖਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਸਿਲਵਰ ਓਕਸ ਸਕੂਲ ਸੇਵੇਵਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ | ਮੂਲ ਮੰਤਰ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ, ਜੋ ਖੁਸ਼ਹਾਲ ਜੀਵਨ ਜਿਊਣ ਦਾ ਸੰਦੇਸ਼ ਦਿੰਦੀਆਂ ਹਨ, ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਰੂਹਾਨੀ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਸਕੂਲ ਵਿਚ ਸੁਖਮਨੀ ਸਾਹਿਬ ਦਾ ਪਵਿੱਤਰ ਪਾਠ ਕੀਤਾ ਗਿਆ, ਜੋ ਸ਼ਰਧਾ ਭਾਵਨਾ ਨਾਲ ਸੰਪੂਰਨ ਹੋਇਆ | ਸਕੂਲ ਸਟਾਫ ਨੇ ਪੂਰੇ ਧਿਆਨ ਨਾਲ ਗੁਰਬਾਣੀ ਦਾ ਪਾਠ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ | ਸਕੂਲ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਵੀ ਸਾਰਿਆਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸੱਚਾਈ, ਨਿਮਰਤਾ, ਸੇਵਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ, ਜੋ ਕਿ ਨਿਮਰਤਾ ਦਾ ਪੁੰਜ ਸਨ ਤੋਂ ਸਾਨੂੰ ਵੀ ਨਿਮਰ ਬਣਨਾ ਅਤੇ ਆਪਸ ਵਿਚ ਭਾਈਚਾਰਾ ਬਣਾਈ ਰੱਖਣਾ ਸਿੱਖਣਾ ਚਾਹੀਦਾ ਹੈ |
ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬਰਗਾੜੀ, (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਵਾਕੇ ਸ੍ਰੀ ਜਪੁਜੀ ਸਾਹਿਬ ਦੇ ਪਾਠਾਂ ਦਾ ਭੋਗ ਪਾਇਆ ਗਿਆ ਅਤੇ ਬੱਚਿਆਂ ਵਲੋਂ ਸੁੰਦਰ ਸ਼ਬਦ ਗਾਇਨ ਨਾਲ ਸਮੂਹ ਬੱਚਿਆਂ ਅਤੇ ਸਟਾਫ਼ ਨੂੰ ਨਿਹਾਲ ਕੀਤਾ ਗਿਆ | ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ ਅਤੇ ਪਿੰ੍ਰਸੀਪਲ ਯਸ਼ੂ ਧਿੰਗੜਾ ਨੇ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚਾਨਣਾ ਪਾਇਆ | ਉਨ੍ਹਾਂ ਸਮੂਹ ਬੱਚਿਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਸਾਨੂੰ ਬਾਬਾ ਨਾਨਕ ਜੀ ਦੇ ਉਪਦੇਸ਼ਾਂ 'ਤੇ ਚੱਲ ਕੇ ਆਪਣੇ ਆਪ ਅਤੇ ਸਮਾਜ ਵਿਚ ਹੋਰ ਸੁਧਾਰ ਕਰਨ ਦੀ ਲੋੜ ਹੈ | ਇਸ ਮੌਕੇ ਸਕੂਲੀ ਬੱਚਿਆਂ ਦੇ ਬਾਬਾ ਨਾਨਕ ਜੀ ਨਾਲ ਸਬੰਧਿਤ ਭਾਸਣਾਂ, ਗੀਤਾਂ, ਕਵੀਸ਼ਰੀਆਂ, ਲੇਖ ਲਿਖਣ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਸਮੂਹ ਬੱਚਿਆਂ ਨੇ ਕੇਸਰੀ ਰੰਗ ਦਾ ਪਹਿਰਾਵਾ ਪਹਿਨਿਆ ਹੋਇਆ ਸੀ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਬੱਚਿਆਂ ਅਤੇ ਸਟਾਫ਼ ਆਦਿ ਲਈ ਪਕੌੜੇ ਜਲੇਬੀਆਂ ਤੋਂ ਇਲਾਵਾ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |
ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਜੀ. ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦੌਰਾਨ ਬੱਚਿਆਂ ਕੋਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ | ਮੁਕਾਬਲਿਆਂ ਉਪਰੰਤ ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਅਤੇ ਉਸ ਉੱਪਰ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਮਾਗਮ ਦੇ ਅਖ਼ੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮੂਲ ਮੰਤਰ ਦਾ ਉਚਾਰਨ, ਸ਼ਬਦ ਗਾਇਨ, ਕਵਿਤਾ ਪਾਠ, ਧਾਰਮਿਕ ਕੋਰੀਓਗ੍ਰਾਫੀ, ਭਾਸ਼ਣ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਗਤੀਵਿਧੀਆਂ ਵਿਚ ਹਿੱਸਾ ਲਿਆ | ਇਸ ਸ਼ੁੱਭ ਦਿਹਾੜੇ 'ਤੇ ਸੰਸਥਾ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਪੜ੍ਹਨ ਤੇ ਸਮਝਣ ਲਈ ਪ੍ਰੇਰਿਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਸਮਝ ਦੀ ਪਰਖ ਲਈ ਬਹੁਵਿਕਲਪੀ ਪ੍ਰਸ਼ਨਾਵਲੀ ਅਧਾਰਿਤ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਨੇ ਇਸ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ/ਪਿ੍ੰਸੀਪਲ ਡਾ. ਐਸ. ਐਸ. ਬਰਾੜ ਨੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਪੜ੍ਹਨ, ਸਿੱਖਣ ਅਤੇ ਜੀਵਨ ਵਿਚ ਸੱਚਾਈ, ਨਿਮਰਤਾ ਅਤੇ ਹੱਕ-ਸੱਚ ਦੀ ਕਮਾਈ ਕਰਨ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਜਾਏ ਗਏ ਨਗਰ ਕੀਰਤਨ ਦੇ ਮੂਹਰੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਕੋਟਕਪੂਰਾ ਦੇ ਗਲੀ-ਮੁਹੱਲਿਆਂ ਅਤੇ ਬਾਜ਼ਾਰਾਂ 'ਚ ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵਲੋਂ ਨਿਵੇਕਲੇ ਢੰਗ ਨਾਲ ਗੁਰੂ ਨਾਨਕ ਸਾਹਿਬ ਜੀ ਦੀ ਜੀਵਨੀ ਨਾਲ ਸਬੰਧਿਤ 100 ਸਵਾਲ-100 ਜਵਾਬ (ਲਾਈਵ ਪ੍ਰਸ਼ਨੋਤਰੀ) ਦਾ ਪ੍ਰੋਗਰਾਮ ਚਲਾਇਆ ਗਿਆ | ਜਥੇਬੰਦੀ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਭਾਵੇਂ ਪਿਛਲੇ ਲੰਮੇ ਸਮੇਂ ਤੋਂ ਨਗਰ ਕੀਰਤਨ ਦਾ ਸਿਲਸਿਲਾ ਚੱਲਦਾ ਆ ਰਿਹਾ ਹੈ ਪਰ ਜਥੇਬੰਦੀ ਨੇ ਉਕਤ ਰਵਾਇਤ ਤੋਂ ਹੱਟ ਕੇ ਕੋਈ ਨਿਵੇਕਲਾ ਉਪਰਾਲਾ ਕਰਨ ਦੀ ਕੌਸ਼ਿਸ਼ ਕੀਤੀ ਹੈ | ਉਨ੍ਹਾਂ ਦੱਸਿਆ ਕਿ 8 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਫੇਰੂਮਾਨ ਚੋਂਕ ਕੋਟਕਪੂਰਾ ਵਿਖੇ ਦਾਦੇ ਤੋਂ ਪੋਤੇ ਤੱਕ ਤਿੰਨ ਪੀੜ੍ਹੀਆਂ 100 ਨਸ਼ਾ ਰਹਿਤ ਪਰਿਵਾਰਾਂ ਦਾ 'ਕੰਚਨ ਕਾਇਆ ਐਵਾਰਡ' ਨਾਲ ਸਨਮਾਨ ਕੀਤਾ ਜਾਵੇਗਾ | ਪ੍ਰੋ. ਐਚ.ਐਸ. ਪਦਮ ਉਪ ਚੇਅਰਮੈਨ ਨੇ ਦੱਸਿਆ ਕਿ ਲਾਈਵ ਪ੍ਰਸ਼ਨੋਤਰੀ ਪ੍ਰੋਗਰਾਮ ਰਾਹੀਂ ਰਸਤੇ 'ਚ ਆਉਂਦੇ ਮਾਰਗ ਅਰਥਾਤ ਗਲੀ-ਮੁਹੱਲਿਆਂ ਅਤੇ ਬਾਜ਼ਾਰਾਂ 'ਚ ਵੀਰ/ਭੈਣਾਂ, ਨੌਜਵਾਨਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਗੁਰੂ ਜੀ ਦੀ ਜੀਵਨੀ ਨਾਲ ਸਬੰਧਿਤ ਸਵਾਲ ਪੁੱਛੇ ਜਾਂਦੇ ਹਨ ਅਤੇ ਸਹੀ ਜਵਾਬ ਦੇਣ ਵਾਲੇ ਨੂੰ ਇਸ ਵਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ., ਡਾ. ਮਨਜੀਤ ਸਿੰਘ ਢਿੱਲੋਂ ਆਦਿ ਵਲੋਂ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ, ਬਾਬਾ ਪੂਰਨ ਸਿੰਘ, ਇੰਸ. ਸੰਗਤ ਸਿੰਘ ਮੱਕੜ, ਅੰਮਿ੍ਤਪਾਲ ਸਿੰਘ ਐਮੀ ਸੱਪਲ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਮਲਕੀਤ ਸਿੰਘ ਭੋਲਾ ਖੁਰਮੀ, ਜਸਬੀਰ ਸਿੰਘ ਰਿੰਕੀ, ਜਤਿੰਦਰ ਸਿੰਘ ਜਸ਼ਨ, ਨਵਨੀਤ ਸਿੰਘ ਸੋਨੂੰ, ਗੁਰਮੀਤ ਸਿੰਘ ਮੀਤਾ, ਪਰਮਜੀਤ ਸਿੰਘ ਮੱਕੜ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਜੈਮਲ ਸਿੰਘ, ਸੁਰਿੰਦਰ ਸਿੰਘ ਸਦਿਉੜਾ, ਵਿਨੋਦ ਧਵਨ, ਓਮ ਪ੍ਰਕਾਸ਼ ਗੁਪਤਾ, ਪੱਪਾ ਮਲਹੋਤਰਾ, ਸਰਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਸਪੀਕਰ ਸੰਧਵਾਂ ਨੇ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।