ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਰਾਜ ਕੁਮਾਰ ਵਲੋਂ ਜ਼ਿਲ੍ਹਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਵਲੋਂ ਜੱਚਾ ਬੱਚਾ ਵਾਰਡ, ਸਰਜਰੀ ਵਾਰਡ, ਓਟ ਕਲੀਨਿਕ, ਲੈਬਾਰਟਰੀ ਤੇ ਹਸਪਤਾਲ ਵਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਤਸੱਲੀ ਪ੍ਰਗਟ ਕੀਤੀ | ਉਨ੍ਹਾਂ ਵਲੋਂ ਦਵਾਈਆਂ ਦੇ ਸਟਾਕ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਹਦਾਇਤ ਕੀਤੀ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਮਾਹਿਰ ਡਾਕਟਰਾਂ ਤੇ ਸਟਾਫ਼ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਸਿਵਲ ਹਸਪਤਾਲ ਵਿਚ ਰੋਜ਼ਾਨਾ ਲਗਭਗ 700 ਤੱਕ ਮਰੀਜ਼ ਆਉਂਦੇ ਹਨ, ਜਿਨ੍ਹਾਂ ਦਾ ਚੈੱਕਅਪ ਕਰਕੇ ਲੈਬ ਟੈੱਸਟ ਕਰਕੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਡੀ.ਐੱਮ.ਸੀ., ਡਾ. ਰਾਜੀਵ ਸੱਚਦੇਵਾ ਸੀਨੀਅਰ ਮੈਡੀਕਲ ਅਫ਼ਸਰ, ਡਾ. ਅਰਪਨਦੀਪ ਸਿੰਘ, ਡਾ. ਨਵਰੋਜ ਗੋਇਲ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭੁਪਿੰਦਰ ਸਿੰਘ ਸਟੈਨੋ ਆਦਿ ਹਾਜ਼ਰ ਸੀ |