24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਕਿਸਾਨ ਮੇਲਾ ਲਗਾਇਆ

ਅਜੀਤ ਡੈਸਕ 08-11-2025
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨ ਮੇਲਾ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਸੂਝਵਾਨ ਕਿਸਾਨਾਂ ਨੇ ਭਾਗ ਲਿਆ | ਮੇਲੇ 'ਚ ਅਭਿਤੇਸ਼ ਸਿੰਘ ਸੰਧੂ ਡੀ.ਆਰ. ਸਹਿਕਾਰੀ ਸਭਾਵਾਂ ਮੁੱਖ ਮਹਿਮਾਨ ਤੇ ਕਰਨਜੀਤ ਸਿੰਘ ਪੀ.ਡੀ. ਆਤਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਮੇਲੇ ਦੀ ਪ੍ਰਧਾਨਗੀ ਕਰਦਿਆਂ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ. ਵਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਦਿਆਂ ਦੱਸਿਆ ਕਿ ਕੇ.ਵੀ.ਕੇ. ਵਲੋਂ ਵੱਖ-ਵੱਖ ਸਹਾਇਕ ਧੰਦਿਆਂ ਲਈ ਸਿਖਲਾਈ ਦਿੱਤੀ ਜਾਂਦੀ ਹੈ, ਜਿਨ੍ਹਾਂ ਨੂੰ ਅਪਨਾ ਕੇ ਕਿਸਾਨ ਆਪਣੀ ਆਮਦਨ ਵਿਚ ਚੋਖਾ ਵਾਧਾ ਕਰ ਸਕਦੇ ਹਨ | ਮੇਲੇ ਦੌਰਾਨ ਡਾ. ਮਨਜੀਤ ਕੌਰ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਮਿੱਟੀ ਨੂੰ ਉਪਜਾਊ ਤੇ ਸਿਹਤਮੰਦ ਬਣਾਈ ਰੱਖਣ ਲਈ ਕਿਸਾਨਾਂ ਨੂੰ ਜੀਵਾਣੂ ਖ਼ਾਦਾਂ ਦੀ ਵਰਤੋਂ ਤੇ ਆਪਣੇ ਫ਼ਸਲੀ ਚੱਕਰ ਵਿਚ ਦਾਲਾਂ ਤੇ ਤੇਲ ਬੀਜ ਵਾਲੀਆਂ ਫ਼ਸਲਾਂ ਨੂੰ ਸ਼ਾਮਿਲ ਕਰਨ ਦੀ ਸਲਾਹ ਦਿੱਤੀ | ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੀ ਯੋਗ ਵਰਤੋਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ | ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਤੇ ਸਬਜ਼ੀਆਂ ਦੀ ਪੌਸ਼ਟਿਕ ਮਹੱਹਤਾ ਸਮਝਾਉਂਦੇ ਹੋਏ ਕਿਸਾਨਾਂ ਨੂੰ ਘਰੇਲੂ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ | ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਸਰਦ ਮਹੀਨਿਆਂ ਦੌਰਾਨ ਪਸ਼ੂਆਂ ਦੇ ਰੱਖ-ਰਖਾਅ, ਖ਼ੁਰਾਕ ਤੇ ਬਿਮਾਰੀਆਂ ਤੋਂ ਬਚਾਅ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ | ਕਰਨਜੀਤ ਸਿੰਘ ਪੀ.ਡੀ. ਆਤਮਾ ਨੇ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਅਭਿਤੇਸ਼ ਸਿੰਘ ਸੰਧੂ ਡੀ.ਆਰ. ਸਹਿਕਾਰੀ ਸਭਾਵਾਂ ਨੇ ਕੇ.ਵੀ.ਕੇ. ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ | ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਮੰਚ ਦਾ ਸੰਚਾਲਨ ਕਰਦਿਆਂ ਮੇਲੇ ਵਿਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੇਲੇ ਵਿਚ ਵੱਖ-ਵੱਖ ਅਗਾਂਹਵਧੂ ਕਿਸਾਨਾਂ ਅਤੇ ਸੈਲਫ਼ ਹੈਲਪ ਗਰੁੱਪਾਂ ਵਲੋਂ ਆਪਣੀਆਂ-ਆਪਣੀਆਂ ਸਟਾਲਾਂ ਲਗਾਈਆਂ ਗਈਆਂ |
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਤੇਜਿੰਦਰ ਸਿੰਘ ਗਿੱਲ ਦੇ ਸਦੀਵੀ ਵਿਛੋੜੇ 'ਤੇ ਗਿੱਲ ਅਤੇ ਭਾਈ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।