ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ 'ਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ ਵਾਰ ਵਾਰ ਨਹੀਂ ਆਉਂਦੇ ਤੇ ਸਾਡੇ ਗੁਰੂਆਂ ਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸਮਾਗਮ ਵਿਚ ਪਰਿਵਾਰਾਂ ਸਮੇਤ ਇਸ ਸਮਾਗਮ ਵਿਚ ਸ਼ਿਰਕਤ ਕਰਨ | ਇਸ ਮੌਕੇ ਮਸ਼ੂਹਰ ਢਾਡੀ ਜਥੇ ਵੀ ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਨੂੰ ਬਹੁਤ ਵੱਡਾ ਮਾਣ ਮਿਲ ਰਿਹਾ ਹੈ ਕਿ ਲਾਈਟ ਐਂਡ ਸਾਊਾਡ ਸਮਾਗਮ ਤੋਂ ਇਲਾਵਾ 20 ਨਵੰਬਰ ਨੂੰ ਮਾਲਵਾ ਜ਼ੋਨ ਦਾ ਨਗਰ ਕੀਰਤਨ ਕਿਲ੍ਹਾ ਮੁਬਾਰਕ ਦੇ ਬਾਬਾ ਫ਼ਰੀਦ ਸਥਾਨ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ |