ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਨਸ਼ਾ ਸਮੱਗਰੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਫ਼ਿਰੋਜ਼ਪੁਰ ਰੋਡ 'ਤੇ ਦਾਣਾ ਮੰਡੀ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਰੋਹਿਤ ਸਿੰਘ ਉਰਫ਼ ਦੀਪੂ ਪੁੱਤਰ ਰਾਜੇਸ਼ ਕੁਮਾਰ ਵਾਸੀ ਫ਼ਰੀਦਕੋਟ ਨੂੰ ਰੋਕ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 35 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਦੇ ਬਰਾਮਦ ਕੀਤੀ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |