ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਜ਼ਿਲ੍ਹਾ ਕਨਵੀਨਰ ਹਰਪ੍ਰੀਤ ਸਿੰਘ ਬਰਾੜ ਤੇ ਰਣਜੀਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਵੱਖ-ਵੱਖ ਦਫ਼ਤਰਾਂ 'ਚ ਮੁਲਾਜ਼ਮ ਵਰਗ ਵਲੋਂ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕੀਆਂ ਗਈਆਂ | ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸ.ਓ.ਪੀ. ਬਾਅਦ ਵਿਚ ਜਾਰੀ ਕੀਤੀ ਜਾਵੇਗੀ | ਜਥੇਬੰਦੀਆਂ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਲਾਗੂ ਕਰੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ, ਜਿਸ 'ਚ ਪੰਜਾਬ ਤੋਂ ਐੱਨ.ਪੀ.ਐੱਸ. ਕਰਮਚਾਰੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ |