ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਹਰਮਹਿੰਦਰਪਾਲ)-ਜ਼ਿਲ੍ਹਾ ਕਾਨੂੰਨੀ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਗਈ ਤੇ ਉਨ੍ਹਾਂ ਨਾਲ ਹਿਮਾਂਸ਼ੂ ਅਰੋੜਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸ਼ਿਰਕਤ ਕੀਤੀ | ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ ਤੇ ਉਨ੍ਹਾਂ ਨੂੰ ਸੰਵਿਧਾਨ ਦਿਵਸ ਦੇ ਦਿਹਾੜੇ ਦੀ ਮਹੱਤਤਾ ਸਬੰਧੀ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਣਕਾਰੀ ਦਿੱਤੀ | ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਫਰਜ਼ਾਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ | ਇਸ ਮੌਕੇ ਪ੍ਰੋਫੈਸਰ ਰੇਨੂੰ ਵਿਜ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਵਲੋਂ ਵੀ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਗੁਰਪ੍ਰੀਤ ਕੌਰ, ਗੁਰਪਾਲ ਸਿੰਘ ਅਸਿਸਟੈਂਟ ਤੇ ਰੀਜਨਲ ਸੈਂਟਰ ਦਾ ਸਟਾਫ਼ ਵੀ ਹਾਜ਼ਰ ਸੀ |