ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਦੱਸਿਆ ਕਿ ਅੱਜ ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਵਲੋਂ ਸੂਬਾ ਕਮੇਟੀ ਵਿਚ ਹੋਏ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ ਗਈ ਤੇ 17 ਦਸੰਬਰ ਦੇ ਪੈਨਸ਼ਨਰ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਲਈ ਪ੍ਰਬੰਧਾਂ 'ਤੇ ਵਿਚਾਰ ਚਰਚਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਪੈਨਸ਼ਨਰ ਦਿਵਸ 'ਤੇ 70 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਾਂ, ਪਰਿਵਾਰਕ ਪੈਨਸ਼ਨਰ ਭੈਣਾਂ ਤੋਂ ਇਲਾਵਾ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ, ਹਰ ਤਰ੍ਹਾਂ ਦੇ ਜਬਰ ਵਿਰੁੱਧ ਤੇ ਲੋਕਾਂ ਦੇ ਜਮਹੂਰੀ ਹੱਕ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਆਵਾਜ਼ ਚੁੱਕ ਰਹੇ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਪਰੰਤ ਆਗੂਆਂ ਸ਼ਿਵਦੀਪ ਸਿੰਘ ਬਰਾੜ, ਬੂਟਾ ਸਿੰਘ ਤੇ ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਪੈੜ 'ਚ ਪੈੜ ਧਰਦਿਆਂ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਲਈ ਦਮਨਕਾਰੀ ਨੀਤੀਆਂ 'ਤੇ ਉਤਰ ਆਈ ਹੈ | ਡਵੀਜ਼ਨ ਆਗੂਆਂ ਜੋਗਿੰਦਰ ਸਿੰਘ ਮੱਲਣ, ਅਮਰਜੀਤ ਪਾਲ ਸ਼ਰਮਾ, ਮੇਜਰ ਸਿੰਘ ਨੇ ਕਿਹਾ ਕਿ ਸੰਘਰਸ਼ਾਂ ਨੂੰ ਵਿਸ਼ਾਲ ਕਰਨ ਲਈ ਸੰਯੁਕਤ ਕਿਸਾਨ ਸੰਘਰਸ਼ ਮੋਰਚੇ ਵਲੋਂ ਰੱਖੀ ਗਈ ਸਮੂਹ ਜਥੇਬੰਦੀਆਂ ਦੀ ਮੀਟਿੰਗ 'ਚ ਸ਼ਾਮਿਲ ਹੋਇਆ ਜਾਵੇਗਾ ਤੇ 8 ਦਸੰਬਰ ਨੂੰ ਬਿਜਲੀ ਸੋਧ ਬਿੱਲ 2025 ਤੇ ਨਵੇਂ ਕਿਰਤ ਕਾਨੂੰਨਾਂ ਦਾ ਖਰੜਾ ਸਾੜਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਬੋਰਡ ਦੀਆਂ ਡਵੀਜ਼ਨਾਂ ਅੱਗੇ ਦਿੱਤੇ ਪ੍ਰੋਗਰਾਮ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਮੂਲੀਅਤ ਕੀਤੀ ਜਾਵੇਗੀ | ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨੇ ਪਾਵਰਕਾਮ ਅਧੀਨ ਸੰਘਰਸ਼ ਕਰ ਰਹੇ ਠੇਕਾ ਕਾਮਿਆਂ ਦੀ ਪੂਰਨ ਹਮਾਇਤ ਕਰਦਿਆਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ | ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਪੈਨਸ਼ਨਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਕਰੇ, ਨਹੀਂ ਤਾਂ ਸੂਬਾ ਕਮੇਟੀ ਦੇ ਸੱਦੇ 'ਤੇ 16 ਦਸੰਬਰ ਨੂੰ ਪੰਜਾਬ ਸਰਕਾਰ ਦੀਆਂ ਡਵੀਜ਼ਨਾਂ ਅੱਗੇ ਅਰਥੀਆਂ ਸਾੜੀਆਂ ਜਾਣਗੀਆਂ | ਇਸ ਤੋਂ ਇਲਾਵਾ 15 ਜਨਵਰੀ ਤੋਂ 15 ਫ਼ਰਵਰੀ ਤੱਕ ਸਰਕਲ ਕਨਵੈਨਸ਼ਨਾਂ ਕਰਦਿਆਂ ਮਾਰਚ ਦੇ ਪਹਿਲੇ ਹਫ਼ਤੇ ਬਿਜਲੀ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਭਜਨ ਸਿੰਘ, ਜੰਗੀਰ ਸਿੰਘ, ਰਾਮ ਸਰਨ ਆਗੂ ਹਾਜ਼ਰ ਸਨ |