ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਆਪਣੇ ਸਿਆਸੀ ਮਨੋਰਥ ਵਾਸਤੇ ਸਿਆਸੀਕਰਨ ਕਰ ਰਹੇ ਹਨ ਤੇ ਉਨ੍ਹਾਂ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆਖਿਆ ਕਿ ਉਹ ਦੱਸਣ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਵਾਸਤੇ ਜਾਂ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਸਤੇ ਕਿਉਂ ਕੁਝ ਨਹੀਂ ਕੀਤਾ | ਪ੍ਰਤਾਪ ਸਿੰਘ ਬਾਜਵਾ ਵਲੋਂ ਵਿਧਾਨ ਸਭਾ ਵਿਚ ਦਿੱਤੇ ਬਿਆਨ ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ 'ਆਪ' ਸਰਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਖਿਲਾਫ 2015 ਦੇ ਬੇਅਦਬੀ ਮਾਮਲਿਆਂ ਵਿਚ ਚਾਰਜਸ਼ੀਟ ਦਾਖਲ ਕਰਨ ਵਿਚ ਨਾਕਾਮ ਰਹੀ ਹੈ, 'ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਬਾਜਵਾ ਵਲੋਂ ਇਸ ਸੰਵੇਦਨਸ਼ੀਲ ਮਾਮਲੇ 'ਤੇ ਦੋਗਲੇ ਮਿਆਰ ਅਪਣਾਉਣ ਦੀ ਨਿਖੇਧੀ ਕੀਤੀ | ਅਕਾਲੀ ਆਗੂ ਨੇ ਕਿਹਾ ਕਿ ਬਜਾਏ ਬੇਅਦਬੀ ਦੇ ਮਾਮਲੇ 'ਤੇ ਸਿਆਸਤ ਕਰਨ ਦੇ, ਦੋਵਾਂ ਕਾਂਗਰਸ ਤੇ ਆਪ ਨੂੰ ਪੰਜਾਬੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ 'ਤੇ ਧਿਆਨ ਦੇਣਾ ਚਾਹੀਦਾ ਹੈ |