ਅੰਮਿ੍ਤਸਰ, 15 ਜੁਲਾਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਫੌਜਾ ਸਿੰਘ 114 ਸਾਲ ਦੀ ਵਡੇਰੀ ਉਮਰ ਵਿਚ ਵੀ ਜਜ਼ਬਾ ਤੇ ਹਿੰਮਤ ਕੁੱਟ-ਕੁੱਟ ਕੇ ਭਰੀ ਹੋਈ ਸੀ | ਉਨ੍ਹਾਂ ਨੇ ਨਾ ਸਿਰਫ਼ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ, ਸਗੋਂ ਦੁਨੀਆਂ ਭਰ ਵਿਚ ਪੰਜਾਬੀਆਂ ਦੀ ਸ਼ਾਨ ਨੂੰ ਵੀ ਉੱਚਿਆਂ ਕੀਤਾ | ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੀਆਂ ਸੇਵਾਵਾਂ ਤੇ ਉਨ੍ਹਾਂ ਦਾ ਅਡੋਲ ਜਜ਼ਬਾ ਨੌਜਵਾਨਾਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ | ਇਸੇ ਦੌਰਾਨ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਾਡੇ ਦਿਲਾਂ ਵਿਚ ਸਦਾ ਜਿਉਂਦੀ ਰਹੇਗੀ |