ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਆਪਣੇ ਦੋ ਕਾਰਜਕਾਲਾਂ ਦੌਰਾਨ ਉਨ੍ਹਾਂ ਨੇ ਪਹਿਲਾਂ ਕਦੇ ਵੀ ਕਿਸੇ ਇਜਲਾਸ ਦੌਰਾਨ ਸਾਰੇ ਵਿਧਾਨਿਕ ਮਾਮਲਿਆਂ 'ਤੇ ਪੂਰੀ ਸਰਬਸੰਮਤੀ ਹੁੰਦੀ ਨਹੀਂ ਦੇਖੀ | ਚੀਮਾ ਨੇ ਕਿਹਾ ਕਿ ਵਿਧਾਨ ਸਭਾ ਇਜਲਾਸ ਨੂੰ ਪਹਿਲੇ ਦਿਨ ਹੀ ਦੋ ਦਿਨ ਵਧਾ ਦਿੱਤਾ ਗਿਆ, ਜਿਸ ਸਦਕਾ ਮਹੱਤਵਪੂਰਨ ਬਿੱਲਾਂ 'ਤੇ ਡੂੰਘਾਈ ਨਾਲ ਚਰਚਾ ਕੀਤੀ ਗਈ | ਉਨ੍ਹਾਂ ਖ਼ਾਸ ਤੌਰ 'ਤੇ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਦਾ ਜ਼ਿਕਰ ਕੀਤਾ, ਜਿਸ ਨੂੰ ਵਿਸਥਾਰਤ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਸਿਲੈੱਕਟ ਕਮੇਟੀ ਨੂੰ ਭੇਜਿਆ ਗਿਆ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ 'ਦੀ ਪ੍ਰੀਵੈਨਸ਼ਨ ਆਫ ਕਰੁਏਲਿਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025' ਨੂੰ ਵੀ ਸਰਬਸੰਮਤੀ ਨਾਲ ਪਾਸ ਕੀਤਾ ਜੋ ਕਿ ਵਿਸ਼ੇਸ਼ ਤੌਰ 'ਤੇ ਕਿਲ੍ਹਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਦੀ ਪ੍ਰਵਾਨਗੀ ਦਿੰਦਾ ਹੈ | ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਹੋਈ ਵਿਆਪਕ ਅਤੇ ਉਸਾਰੂ ਚਰਚਾ ਦੌਰਾਨ ਸਾਰੀਆਂ ਪਾਰਟੀਆਂ ਵਲੋਂ ਸਰਬਸੰਮਤੀ ਨਾਲ ਪੰਜਾਬ ਵਿੱਚੋਂ ਨਸ਼ੇ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਆਪਣੇ ਸਹਿਯੋਗ ਦਾ ਵਾਅਦਾ ਕੀਤਾ ਗਿਆ ਜੋ ਸ਼ਲਾਘਾਯੋਗ ਹੈ |