14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਹਰਿਮੰਦਰ ਸਾਹਿਬ ਬਾਰੇ ਲਗਾਤਾਰ ਧਮਕੀ ਭਰੀਆਂ ਈਮੇਲ ਭੇਜੇ ਜਾਣਾ ਚਿੰਤਾ ਦਾ ਵਿਸ਼ਾ-ਧਾਮੀ <br/>

ਅਜੀਤ ਡੈਸਕ 17-07-2025

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ ਤੇ ਇਥੇ ਦਰਸ਼ਨ-ਇਸ਼ਨਾਨ ਕਰਨ ਰੋਜ਼ਾਨਾ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਪੁੱਜਦੀਆਂ ਹਨ, ਇਸ ਅਸਥਾਨ 'ਤੇ ਵਿਸਫੋਟਕ ਪਦਾਰਥਾਂ ਨਾਲ ਧਮਾਕੇ ਕਰਨ ਦੀਆਂ ਧਮਕੀਆਂ ਸੰਬੰਧੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਆ ਰਹੀਆਂ ਈਮੇਲ ਗਹਿਰੀ ਚਿੰਤਾ ਦਾ ਵਿਸ਼ਾ ਹੈ ਤੇ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਅਜੇ ਤੱਕ ਇਸ ਬਾਰੇ ਪਤਾ ਲਗਾਉਣ ਵਿਚ ਅਸਫ਼ਲ ਰਹੇ ਹਨ | ਇਹ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਬੀਤੀ 14 ਜੁਲਾਈ ਤੋਂ ਅੱਜ ਤੱਕ ਕਿਸੇ ਅਣਪਛਾਤੇ ਵਿਅਕਤੀ ਵਲੋਂ ਵੱਖ-ਵੱਖ ਈਮੇਲ ਆਈ ਡੀਜ਼ ਤੋਂ ਲਗਾਤਾਰ ਧਮਕੀ ਨੁਮਾ ਪੰਜ ਈਮੇਲ ਸ਼ੋ੍ਰਮਣੀ ਕਮੇਟੀ ਕੋਲ ਪੁੱਜੀਆਂ ਹਨ, ਜਿਸ ਬਾਰੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਬਕਾਇਦਾ ਜਾਣੂੰ ਕਰਵਾਇਆ ਜਾ ਚੁੱਕਾ ਹੈ, ਪ੍ਰੰਤੂ ਅਜੇ ਤੱਕ ਸਰਕਾਰ ਵਲੋਂ ਇਹ ਧਮਕੀ ਭਰੇ ਈਮੇਲ ਭੇਜਣ ਵਾਲੇ ਦਾ ਕੋਈ ਪਤਾ ਨਹੀਂ ਲਗਾਇਆ ਜਾ ਸਕਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਪੁੱਜੀਆਂ ਈਮੇਲ ਵਿਚੋਂ 15 ਤੇ 16 ਜੁਲਾਈ ਵਾਲੀਆਂ ਈਮੇਲ ਮੁੱਖ ਮੰਤਰੀ ਭਗਵੰਤ ਮਾਨ ਤੇ ਅੰਮਿ੍ਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਭੇਜੀਆਂ ਗਈਆ ਹਨ, ਪਰ ਉਨ੍ਹਾਂ ਵਲੋਂ ਅਜੇ ਤੱਕ ਧਾਰੀ ਚੁੱਪ ਸਵਾਲ ਪੈਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਵੱਡਾ ਸਵਾਲ ਹੈ ਕਿ ਧਮਕੀ ਭਰੀਆਂ ਈਮੇਲਜ਼ ਭੇਜੇ ਜਾਣਾ ਕੇਵਲ ਕਿਸੇ ਸ਼ੈਤਾਨੀ ਦਿਮਾਗ ਦੀ ਸ਼ਰਾਰਤ ਹੈ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ | ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਕਿਤੇ ਕਿਸੇ ਸ਼ਰਾਰਤੀ ਅਨਸਰ ਵਲੋਂ ਸਿੱਖਾਂ ਦੇ ਇਸ ਪਾਵਨ ਅਸਥਾਨ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਅੰਦਰ ਡਰ ਪੈਦਾ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ? ਇਸ ਸੰਬੰਧੀ ਵੀ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਤੁਰੰਤ ਪਤਾ ਲਗਾਏ ਕਿ ਇਹ ਈਮੇਲ ਕਿਸ ਥਾਂ ਤੋਂ ਆ ਰਹੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਨਾਂਅ 'ਤੇ ਬਣਾਏ ਗਏ ਜਾਅਲੀ ਸੋਸ਼ਲ ਮੀਡੀਆ ਖ਼ਾਤਿਆਂ ਬਾਰੇ ਪਹਿਲਾਂ ਵੀ ਕਈ ਵਾਰ ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਹਨ, ਪ੍ਰੰਤੂ ਸਾਈਬਰ ਸੈੱਲ ਵਲੋਂ ਕੋਈ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ | ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸੁਹਿਰਦਤਾ ਨਾਲ ਪ੍ਰਬੰਧ ਤੇ ਸੰਗਤਾਂ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ ਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਪ੍ਰਵੇਸ਼ ਦੁਆਰਾਂ ਵਿਖੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਬਿਨਾਂ ਕਿਸੇ ਡਰ ਭੈਅ ਦੇ ਆਉਣ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਜਥੇ: ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਤੇ ਡਾ. ਅਮਰਜੀਤ ਸਿੰਘ ਵੀ ਮੌਜੂਦ ਸਨ |
ਸ਼ੋ੍ਰਮਣੀ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਵੀ ਲਿਖਿਆ ਜਾਵੇਗਾ ਪੱਤਰ : ਧਾਮੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕੇ ਕਰਨ ਸੰਬੰਧੀ ਮਿਲ ਰਹੇ ਧਮਕੀ ਭਰੇ ਈ-ਮੇਲਜ਼ ਦੇ ਮਾਮਲੇ ਵਿਚ ਸਥਾਨਕ ਸਾਬਕਾ ਭਾਜਪਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਅੱਜ ਮੁਲਾਕਾਤ ਕੀਤੀ ਤੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਇਸ ਸੰਬੰਧੀ ਚਿੰਤਾ ਪ੍ਰਗਟਾਏ ਜਾਣ ਦਾ ਖ਼ੁਲਾਸਾ ਕੀਤਾ | ਮੁਲਾਕਤ ਉਪਰੰਤ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸੰਵੇਦਨਾ ਨੂੰ ਸਮਝਦਿਆਂ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਸ਼ਵੇਤ ਮਲਿਕ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਲਈ ਭੇਜਿਆ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਸ ਗੰਭੀਰ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਅਜੇ ਤੱਕ ਸੰਪਰਕ ਨਹੀਂ ਕੀਤਾ | ਕੇਂਦਰ ਸਰਕਾਰ ਵਲੋਂ ਵੀ ਇਸ ਮਾਮਲੇ 'ਚ ਦੋਸ਼ੀ ਦਾ ਥਹੁ ਪਤਾ ਲਗਾਉਣ ਬਾਰੇ ਅਜੇ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਇਸ ਸੰਬੰਧੀ ਜਲਦੀ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ | ਇਸ ਮੌਕੇ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਹਰਵਿੰਦਰ ਸਿੰੰਘ ਸੰਧੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਜੀਲੈਂਸ ਦੇ ਕੇਸ ਦਾ ਇਕੋ-ਇਕ ਮੰਤਵ ਰਾਜਸੀ ਬਦਲਾਖੋਰੀ ਅਤੇ ਮਜੀਠੀਆ ਪਰਿਵਾਰ ਨੂੰ ਡਰਾਉਣਾ-ਗਨੀਵ ਕੌਰ <br/> ਅਗਲੀ ਖ਼ਬਰ ਮਾਮਲਾ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ 'ਚ ਹੋਈ ਮੌਤ ਦਾ ਹਾਦਸੇ ਦਾ ਕਾਰਨ ਬਣੀ ਕਾਰ ਬਰਾਮਦ, ਚਾਲਕ ਗਿ੍ਫ਼ਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।