ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ 'ਚ ਕਦੀ ਵੀ ਸਫਲ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ 'ਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਤੇ ਲੋਕਾਂ 'ਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ | ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ | ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਵਾਲਾ ਰੁਖ਼ ਅਪਣਾਇਆ ਹੋਇਆ ਹੈ ਤੇ ਅਜਿਹੇ ਅਨਸਰਾਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਤੇ ਅਜਿਹੇ ਅਨਸਰਾਂ ਨੂੰ ਉਨ੍ਹਾਂ ਦੀਆਂ ਘਿਣਾਉਣੀਆਂ ਹਰਕਤਾਂ ਲਈ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾ ਸਕਦੀ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰਨ ਲਈ ਹਮੇਸ਼ਾਂ ਤਿਆਰ ਹੈ |