ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਮਾਮਲੇ 'ਚ ਫ਼ਾਸਟਵੇਅ ਦੇ ਐਮ.ਡੀ. ਗੁਰਦੀਪ ਸਿੰਘ ਨੂੰ ਜਾਰੀ ਕੀਤੇ ਗਏ ਸੰਮਨਾਂ 'ਤੇ ਸੋਮਵਾਰ ਤੱਕ ਰੋਕ ਲਗਾ ਦਿੱਤੀ ਹੈ | ਗੁਰਦੀਪ ਸਿੰਘ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਨੂੰ ਇਕ ਸਾਬਕਾ ਮੰਤਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਸਬੰਧ 'ਚ ਸੰਮਨ ਜਾਰੀ ਕੀਤੇ ਹਨ, ਜਦੋਂ ਕਿ ਉਨ੍ਹਾਂ ਦਾ ਉਸ ਐਫ਼.ਆਈ.ਆਰ. ਨਾਲ ਕੋਈ ਸਿੱਧਾ ਸਬੰਧ ਨਹੀਂ ਹੈ | ਗੁਰਦੀਪ ਸਿੰਘ ਨੇ ਅਦਾਲਤ 'ਚ ਖਦਸ਼ਾ ਜ਼ਾਹਿਰ ਕੀਤਾ ਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਫ਼ਸਾਉਣ ਲਈ ਜਾਣਬੁੱਝ ਕੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਉਹ ਜਾਂਚ 'ਚ ਸ਼ਾਮਿਲ ਹੋਣ ਲਈ ਤਿਆਰ ਹਨ, ਪਰ ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ | ਗੁਰਦੀਪ ਸਿੰਘ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਕੇਸ ਨਾਲ ਸਬੰਧਿਤ ਬਹੁਤ ਸਾਰੀਆਂ ਖ਼ਬਰਾਂ ਉਨ੍ਹਾਂ ਦੀ ਮੀਡੀਆ ਕੰਪਨੀ ਵਲੋਂ ਚਲਾਈਆਂ ਜਾਂਦੀਆਂ ਸਨ ਤੇ ਹੁਣ ਸਰਕਾਰ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ | ਇਸ 'ਤੇ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਤੇ ਸਰਕਾਰ ਨੂੰ ਪੁੱਛਿਆ ਕੀ ਹੁਣ ਤੁਹਾਡੇ ਖਿਲਾਫ਼ ਬੋਲਣ ਵਾਲੇ ਕਿਸੇ ਵੀ ਵਿਅਕਤੀ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾਵੇਗਾ | ਅਦਾਲਤ ਨੇ ਇਸ ਰਵੱਈਏ 'ਤੇ ਗੰਭੀਰ ਨਾਰਾਜ਼ਗੀ ਜ਼ਾਹਿਰ ਕੀਤੀ ਤੇ ਸੰਮਨ ਨੋਟਿਸ 'ਤੇ ਅਸਥਾਈ ਰੋਕ ਲਗਾ ਦਿੱਤੀ ਅਤੇ ਅਗਲੀ ਸੁਣਵਾਈ ਸੋਮਵਾਰ 21 ਜੁਲਾਈ ਲਈ ਤੈਅ ਕੀਤੀ |