ਐੱਸ. ਏ. ਐੱਸ. ਨਗਰ, 19 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਤੇ ਪੰਜਾਬ ਦੀ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਸਰਕਾਰ ਵਲੋਂ ਘਰੇਲੂ ਤੇ ਰਿਹਾਇਸ਼ੀ ਇਮਾਰਤਾਂ 'ਤੇ ਵਧਾਏ ਟੈਕਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਆਮ ਲੋਕਾਂ ਦੀਆਂ ਜੇਬਾਂ 'ਤੇ ਸਿੱਧਾ ਡਾਕਾ ਹੈ, ਜੋ ਕਿ ਬਿਲੱਕੁਲ ਨਾਜਾਇਜ਼ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਛੋਟੇ ਵਪਾਰੀਆਂ, ਰੈਸਟੋਰੈਂਟਾਂ ਤੇ ਘਰਾਂ 'ਤੇ ਟੈਕਸ ਲਗਾ ਰਹੀ ਹੈ, ਜਦਕਿ ਮਲਟੀ ਕੰਪਲੈਕਸਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਵੱਡੇ ਘਰਾਣਿਆਂ ਨਾਲ ਰਲੀ ਹੋਈ ਹੈ ਤੇ ਆਮ ਜਨਤਾ ਨਾਲ ਉਸਨੂੰ ਕੋਈ ਸਾਰੋਕਾਰ ਨਹੀਂ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਕਿਉਂਕਿ ਇਸ ਨਾਲ ਮੱਧ ਵਰਗ ਦੇ ਲੋਕਾਂ 'ਤੇ ਆਰਥਿਕ ਬੋਝ ਵਧੇਗਾ |