ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਅਦਾਲਤ ਵਿਚ ਪੇਸ਼ੀ ਤੋਂ ਪਹਿਲਾਂ ਤੜਕੇ ਵੇਲੇ ਕਰੀਬ 4 ਵਜੇ ਪੰਜਾਬ ਪੁਲਿਸ ਵਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ | ਜਿਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਸਰਬਜੀਤ ਸਿੰਘ ਝਿੰਜਰ ਸਮੇਤ ਪਰਿਵਾਰ ਦੇ ਮੋਬਾਈਲ ਫ਼ੋਨ ਵੀ ਖੋਹ ਲਏ ਗਏ | ਝਿੰਜਰ ਵਲੋਂ ਪੁਲਿਸ ਅਧਿਕਾਰੀਆਂ ਪਾਸੋਂ ਉਨ੍ਹਾਂ ਨੂੰ ਬਿਨਾਂ ਕੋਈ ਕਾਰਨ ਦੱਸੇ ਘਰ ਵਿਚ ਨਜ਼ਰਬੰਦ ਕਰਨ ਸਬੰਧੀ ਪੁੱਛੇ ਸਵਾਲਾਂ ਦਾ ਵੀ ਕੋਈ ਜਵਾਬ ਨਹੀਂ ਮਿਲਿਆ | ਇਸ ਸਬੰਧੀ ਸ. ਝਿੰਜਰ ਨੇ ਸਮਰਥਕਾਂ ਵਲੋਂ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ | ਉਕਤ ਮਾਮਲੇ ਸਬੰਧੀ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੁਲਿਸ 'ਤੇ ਉਨ੍ਹਾਂ ਨੂੰ ਕਰੀਬ 9 ਘੰਟੇ ਗੈਰ-ਕਾਨੂੰਨੀ ਤਰੀਕੇ ਨਾਲ ਨਜ਼ਰਬੰਦ ਕਰਨ ਦੇ ਦੋਸ਼ ਲਗਾਏ ਹਨ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਰੌਲਾ ਪਾਉਣ ਅਤੇ ਅਕਾਲੀ ਆਗੂਆਂ ਦੁਆਰਾ ਸ. ਝਿੰਜਰ ਦੇ ਘਰ ਪਹੁੰਚਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗੈਰ ਕਾਨੂੰਨੀ ਤੌਰ 'ਤੇ ਆਪਣੇ ਨਾਲ ਲੈ ਗਈ ਤੇ ਬਿਕਰਮ ਸਿੰਘ ਮਜੀਠੀਆ ਦੀ ਕੋਰਟ ਵਿਚ ਸੁਣਵਾਈ ਖ਼ਤਮ ਹੋਣ ਤੋਂ ਬਾਅਦ ਦੁਪਹਿਰ 1 ਵਜੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ |