ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਜੇ.ਐਸ. ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਿਮਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ | ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਕਮੇਟੀ ਵਲੋਂ ਕਰਵਾਏ ਇਸ ਸਮਾਗਮ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦੀ ਸੇਧ ਵਿਚ ਸੰਗਤ ਨੂੰ ਜੀਵਨ ਜੀਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਇਕ ਲਾਸਾਨੀ ਮਿਸਾਲ ਹੈ | ਗੁਰੂ ਸਾਹਿਬ ਨੇ ਨਾ ਸਿਰਫ ਸਿੱਖ ਧਰਮ ਦੀ, ਸਗੋਂ ਸਮੂਹ ਕੌਮਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾਂ ਅੱਗੇ ਆਉਣ ਦੀ ਅਪੀਲ ਕੀਤੀ | ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 10 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਪ੍ਰਬੰਧਕਾਂ ਨੂੰ ਸੌਂਪਿਆ | ਇਸ ਤੋਂ ਪਹਿਲਾਂ ਬੀਤੇ ਕੱਲ੍ਹ ਦੇ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਅੰਮਿ੍ਤਪਾਲ ਸਿੰਘ ਕੁਲਾਰ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਪ੍ਰਧਾਨ ਜਸਵਿੰਦਰ ਸਿੰਘ, ਕਰਨੈਲ ਸਿੰਘ, ਭਾਈ ਗੁਰਦੀਪ ਸਿੰਘ ਆਦਿ ਹਾਜ਼ਰ ਸਨ |
350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਸ਼ਿਮਲਾ ਵਿਖੇ ਗੁਰਮਤਿ ਸਮਾਗਮ
ਅਜੀਤ ਡੈਸਕ
21-07-2025